ਸਿੱਖਿਆ ਮੰਤਰੀ ਨੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਹੂਲਤਾਂ ਨੂੰ ਵਿਚਾਰਿਆ
ਸਿੱਖਿਆ ਮੰਤਰੀ ਨੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਗੰਭੀਰਤਾ ਨਾਲ ਵਿਚਾਰਿਆ,
Publish Date: Mon, 02 Feb 2026 08:42 PM (IST)
Updated Date: Mon, 02 Feb 2026 08:46 PM (IST)

- ਸੁਤੰਤਰਤਾ ਸੰਗਰਾਮੀਆਂ ਦੇ ਨਾਂ ’ਤੇ ਤਬਦੀਲ ਸਰਕਾਰੀ ਸਕੂਲਾਂ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ : ਧਾਲੀਵਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸੂਬਾ ਜਥੇਬੰਦੀ ਦੇ ਆਗੂਆਂ ਦੀ ਅਹਿਮ ਬੈਠਕ ਹੋਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸੂਬੇ ਦੇ ਵੱਖ-ਵੱਖ 15 ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦ ਫ਼ੌਜੀਆਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਰੱਖਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੁਤੰਤਰਤਾ ਸੰਗਰਾਮੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਤੋਂ ਬੱਚਿਆਂ ਨੂੰ ਜਾਣੂ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਹੁੰਦੀ ਹੈ। ਧਾਲੀਵਾਲ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਾਣੂ ਕਰਵਾਉਂਦੇ ਹੋਏ ਮੰਗ ਕੀਤੀ ਕਿ ਸੂਬੇ ਦੇ ਜਿੰਨਾ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦ ਫ਼ੌਜੀਆਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਤਬਦੀਲ ਕੀਤੇ ਗਏ ਹਨ, ਉਨ੍ਹਾਂ ਸਕੂਲਾਂ ਦੀ ਦਿੱਖ ਸੰਵਾਰਨ ਲਈ ਵਿਸ਼ੇਸ਼ ਤੌਰ ’ਤੇ ਗ੍ਰਾਂਟ ਜਾਰੀ ਕੀਤੀ ਜਾਵੇ, ਜਿਸ ਤਹਿਤ ਸਕੂਲਾਂ ਦੇ ਪ੍ਰਮੁੱਖ ਗੇਟ ਨੂੰ ਡਿਜੀਟਲ ਰੂਪ ਵਿਚ ਤਿਆਰ ਕਰਨ, ਰੰਗ-ਰੋਗਨ, ਗਰਾਊਂਡ ਬਣਾਉਣੇ, ਕਲਾਸ ਰੂਮ ਸੁੰਦਰੀਕਰਨ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦੀ ਮੰਗ ’ਤੇ ਜ਼ੋਰ ਦਿੱਤਾ ਗਿਆ। ਸੂਬਾ ਜਥੇਬੰਦੀ ਵੱਲੋਂ ਸੁਤੰਤਰਤਾ ਸੰਗਰਾਮੀ ਦੇ ਨਾਮ ’ਤੇ ਸਕੂਲਾਂ ਦੇ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਸਿੱਖਿਆ ਮੰਤਰੀ ਨੇ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਭਗਤਾਂ ਦੇ ਸਨਮਾਨ ਵਿਚ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ’ਤੇ ਰੱਖਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਲਈ ਵਿਸ਼ੇਸ਼ ਗਰਾਂਟ ਜਾਰੀ ਕਰਨ ਸਬੰਧੀ ਤਜਵੀਜ਼ ’ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਕਮਲਦੀਪ ਸਿੰਘ ਗਿੱਲ, ਰਾਜ ਕੁਮਾਰ ਡਕਾਲਾ, ਸਤਪਾਲ ਕੌਰ ਸੋਹੀ, ਗੁਰਇਕਬਾਲ ਸਿੰਘ ਜਥੇਬੰਦੀ ਦੇ ਆਗੂ ਸ਼ਾਮਲ ਹੋਏ।