
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਧਾਰਮਿਕ ਅਤੇ ਸੰਵੇਦਨਸ਼ੀਲ ਸ਼ਖ਼ਸੀਅਤ ਦੇ ਘਰ ਦੇ ਬਾਹਰ ਇਸ ਤਰ੍ਹਾਂ ਗੋਲੀਬਾਰੀ ਹੋਣਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਧਾਰਮਿਕ ਅਤੇ ਸੰਵੇਦਨਸ਼ੀਲ ਸ਼ਖ਼ਸੀਅਤ ਦੇ ਘਰ ਦੇ ਬਾਹਰ ਇਸ ਤਰ੍ਹਾਂ ਗੋਲੀਬਾਰੀ ਹੋਣਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਖ਼ਤਮ ਹੋ ਗਿਆ ਹੈ ਅਤੇ ਆਮ ਲੋਕਾਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਨਾਗਰਿਕਾਂ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਜੇਕਰ ਕਿਸੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤ ਦੇ ਘਰ ਦੇ ਬਾਹਰ ਵੀ ਇਸ ਤਰ੍ਹਾਂ ਗੋਲੀਬਾਰੀ ਹੋ ਸਕਦੀ ਹੈ ਤਾਂ ਇਹ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕਿਸੇ ਵਿਅਕਤੀ ਜਾਂ ਸਾਜ਼ਿਸ਼ ਦੀ ਭੂਮਿਕਾ ਹੈ ਤਾਂ ਉਸ ਦਾ ਵੀ ਪਤਾ ਲਗਾਇਆ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਰੱਖਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਇਸ ਤੋਂ ਇਲਾਵਾ ਰੰਧਾਵਾ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਆਪਣੇ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰਨ ਦੀ ਸ਼ਾਂਤਮਈ ਮੰਗ ਕਰ ਰਹੇ ਸਨ।
ਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਆਂ ਵਰ੍ਹਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਮਾਮਲੇ ’ਤੇ ਚੁੱਪੀ ਤੋੜ ਕੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ।