ਵਿਧਾਇਕ ਰੰਧਾਵਾ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ,
Publish Date: Sat, 12 Sep 2026 07:53 PM (IST)
Updated Date: Sun, 13 Sep 2026 04:05 AM (IST)
ਫੋਟੋ ਕੈਪਸ਼ਨ : ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। 18ਪੀ * ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਉਭਰਦੀਆਂ ਖੇਡ ਪ੍ਰਤਿਭਾਵਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ਨਿਚਰਵਾਰ ਨੂੰ ਡੇਰਾਬੱਸੀ ਅਤੇ ਲਾਲੜੂ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰੀ ਕਾਲਜ ਡੇਰਾਬੱਸੀ ਤੋਂ ਅਤੇ ਲਾਲੜੂ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਐਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਖੇਡ ਮੈਦਾਨਾਂ ਵਿਚ ਖਿਡਾਰੀਆਂ ਦਾ ਉਤਸ਼ਾਹ ਅਤੇ ਦਰਸ਼ਕਾਂ ਦੀ ਹੌਸਲਾ-ਅਫ਼ਜ਼ਾਈ ਖੇਡ ਮੇਲੇ ਦੇ ਮਾਹੌਲ ਨੂੰ ਹੋਰ ਉਤਸ਼ਾਹਪੂਰਨ ਬਣਾਉਂਦੀ ਰਹੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਅੱਗੇ ਵਧਣ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀਆਂ ਹਨ। ਸਰਕਾਰੀ ਕਾਲਜ ਡੇਰਾਬੱਸੀ, ਲਾਲੜੂ ਖੇਡ ਸਟੇਡੀਅਮ ਅਤੇ ਸੁਖਮਨੀ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਤਿੰਨ ਦਿਨ ਤੱਕ ਜਾਰੀ ਰਹਿਣਗੇ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਖਿਡਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀ ਟੀਮਾਂ ਅਗਲੇ ਪੜਾਅ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਜ਼ਿਲ੍ਹਾ ਪੱਧਰ ਤੇ ਜੇਤੂ ਰਹਿਣ ਵਾਲੀ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਜ ਪੱਧਰ ਤੇ ਜੇਤੂ ਰਹਿਣ ਵਾਲੀਆਂ ਟੀਮਾਂ /ਖਿਡਾਰੀਆਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 10,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 7000 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਨੂੰ 5000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।