ਸਰਕਾਰ ਨੇ ਸਿਰਫ਼ ਸਿਆਸੀ ਇਸ਼ਤਿਹਾਰਬਾਜ਼ੀ ਨੂੰ ਤਰਜੀਹ ਦਿੱਤੀ : ਰਵਿੰਦਰ ਸਿੰਘ ਖੇੜਾ ਸਰਕਾਰ ਨੇ ਸਿਰਫ਼ ਸਿਆਸੀ ਇਸ਼ਤਿਹਾਰਬਾਜ਼ੀ ਨੂੰ ਤਰਜੀਹ ਦਿੱਤੀ : ਖੇੜਾ
Publish Date: Wed, 16 Sep 2026 06:17 PM (IST)
Updated Date: Thu, 17 Sep 2026 04:02 AM (IST)
ਫੋਟੋ ਕੈਪਸ਼ਨ : ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ। 08ਪੀ ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦੇ ਲੋਕ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਬਿਜਲੀ, ਨਸ਼ਿਆਂ, ਰੁਜ਼ਗਾਰ, ਕਿਸਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਲਗਾਤਾਰ ਗੰਭੀਰ ਬਣੇ ਹੋਏ ਹਨ। ਖੇੜਾ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਮਸਲੇ ਦਾ ਹੱਲ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਸ਼ਣਾਂ ਅਤੇ ਇਸ਼ਤਿਹਾਰਾਂ ਦੀ ਨਹੀਂ, ਸਗੋਂ ਠੋਸ ਕੰਮ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਲੋੜ ਹੈ। ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਬਕਾਇਆ ਮਸਲਿਆਂ ਨੂੰ ਲੈ ਕੇ ਵੀ ਰੋਸ ਸਾਹਮਣੇ ਆ ਰਿਹਾ ਹੈ, ਜਦਕਿ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਅਤੇ ਹੋਰ ਵਰਗਾਂ ਵੱਲੋਂ ਵੀ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਦੋਸ਼ਾਂ ਤੇ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਦੀ ਆਵਾਜ਼ ਬਣ ਕੇ ਮਜ਼ਬੂਤੀ ਨਾਲ ਖੜ੍ਹਾ ਹੈ ਤੇ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹਿੱਤਾਂ ਲਈ ਸੰਘਰਸ਼ ਜਾਰੀ ਰੱਖੇਗਾ।