ED ਦੇ DGP ਨੂੰ ਭੇਜੇ ਪੱਤਰ ’ਤੇ ਹਾਈ ਕੋਰਟ ਸਖ਼ਤ, ਸਰਕਾਰ ਤੋਂ ਕਾਰਵਾਈ ਦਾ ਬਿਓਰਾ ਤਲਬ
ਹਾਈ ਕੋਰਟ ਨੇ ਮਾਮਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਅਤੇ ਈਡੀ ਵੱਲੋਂ ਲਾਏ ਦੋਸ਼ਾਂ ਦੇ ਸਬੰਧ ਵਿੱਚ ਚੁੱਕੇ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਇਹ ਜਨਹਿੱਤ ਪਟੀਸ਼ਨ ਵਕੀਲ ਨਿਖਿਲ ਸਰਾਫ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਈਡੀ ਵੱਲੋਂ ਉਠਾਏ ਗਏ ਸਾਰੇ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
Publish Date: Fri, 28 Aug 2026 08:02 AM (IST)
Updated Date: Fri, 28 Aug 2026 08:04 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੇ ਪੱਤਰ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਕੇਂਦਰੀ ਜਾਂਚ ਬਿਊਰੋ (ਸੀਬੀਆਈ), ਈਡੀ ਅਤੇ ਹੋਰ ਸਾਰੀਆਂ ਪ੍ਰਤੀਵਾਦੀ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਖ਼ਾਸ ਤੌਰ ’ਤੇ ਪੁੱਛਿਆ ਹੈ ਕਿ ਈਡੀ ਦੇ ਪੱਤਰ ’ਤੇ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ।
ਹਾਈ ਕੋਰਟ ਨੇ ਮਾਮਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਅਤੇ ਈਡੀ ਵੱਲੋਂ ਲਾਏ ਦੋਸ਼ਾਂ ਦੇ ਸਬੰਧ ਵਿੱਚ ਚੁੱਕੇ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਇਹ ਜਨਹਿੱਤ ਪਟੀਸ਼ਨ ਵਕੀਲ ਨਿਖਿਲ ਸਰਾਫ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਈਡੀ ਵੱਲੋਂ ਉਠਾਏ ਗਏ ਸਾਰੇ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਨੇ ਕਿਹਾ ਹੈ ਕਿ ਈਡੀ ਦੇ ਪੱਤਰ ਵਿੱਚ ਕਈ ਗੰਭੀਰ ਦੋਸ਼ ਲਾਏ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ’ਤੇ ਵੀ ਸਵਾਲ ਉਠਾਏ ਗਏ ਹਨ। ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਾਰੇ ਸਬੰਧਤ ਮਾਮਲੇ ਸੀਬੀਆਈ ਨੂੰ ਸੌਂਪੇ ਜਾਣ, ਤਾਂ ਜੋ ਜਾਂਚ ਪੰਜਾਬ ਪੁਲਿਸ ਅਤੇ ਪੰਜਾਬ ਵਿਜੀਲੈਂਸ ਦੇ ਪ੍ਰਭਾਵ ਤੋਂ ਦੂਰ ਰਹਿ ਕੇ ਹੋ ਸਕੇ।
ਇਸ ਦੇ ਨਾਲ ਹੀ ਪਟੀਸ਼ਨਕਰਤਾ ਨੇ ਪੂਰੇ ਮਾਮਲੇ ਵਿੱਚ ਪੈਸੇ ਦੇ ਵਹਾਅ ਅਤੇ ਲੈਣ-ਦੇਣ ਦੀ ਕੜੀ ਦੀ ਜਾਂਚ ਕਰਨ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਡੀਜੀਪੀ ਨੂੰ ਪੱਤਰ ਭੇਜ ਕੇ ਕੇਸ ਦਰਜ ਕਰਨ ਦੀ ਮੰਗ
ਈਡੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਭੇਜ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓਐੱਸਡੀ) ਰਾਜਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਿਤਿਨ ਗੋਹਲ ਤੇ ਬੀਰ ਦੇਵਿੰਦਰ ਖ਼ਿਲਾਫ਼ ਧਨ-ਸ਼ੋਧਨ ਰੋਕੂ ਕਾਨੂੰਨ ਤਹਿਤ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਈਡੀ ਦਾ ਦੋਸ਼ ਹੈ ਕਿ ਇਹ ਵਿਅਕਤੀ ਪ੍ਰਸ਼ਾਸਨਿਕ ਤਬਾਦਲਿਆਂ ਤੇ ਨਿਯੁਕਤੀਆਂ ਤੋਂ ਇਲਾਵਾ ਸਰਕਾਰੀ ਟੈਂਡਰਾਂ ਵਿੱਚ ਵੀ ਦਖ਼ਲਅੰਦਾਜ਼ੀ ਕਰ ਰਹੇ ਸਨ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ ਈਡੀ ਦੇ ਪੱਤਰ ’ਤੇ ਹੁਣ ਤੱਕ ਕੀਤੀ ਕਾਰਵਾਈ ਅਤੇ ਆਪਣੇ ਰੁਖ ਬਾਰੇ ਸਪੱਸ਼ਟ ਜਾਣਕਾਰੀ ਦੇਣ ਲਈ ਕਿਹਾ ਹੈ।