ਆਇਸ਼ਾ ਮਸਜਿਦ ਨੂੰ ਲੈ ਕੇ ਚੱਲ ਰਿਹਾ ਵਿਵਾਦ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਖ਼ਤਮ
ਆਇਸ਼ਾ ਮਸਜਿਦ ਨੂੰ ਲੈ ਕੇ ਚੱਲ ਰਿਹਾ ਵਿਵਾਦ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਖ਼ਤਮ
Publish Date: Fri, 02 Jan 2026 07:14 PM (IST)
Updated Date: Fri, 02 Jan 2026 07:17 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਸੈਕਟਰ-109 ਸਥਿਤ ਆਇਸ਼ਾ ਮਸਜਿਦ ਨੂੰ ਲੈ ਕੇ ਚੱਲ ਰਿਹਾ ਵਿਵਾਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਖ਼ਲ ਤੋਂ ਬਾਅਦ ਖ਼ਤਮ ਹੋ ਗਿਆ ਹੈ। ਇਸ ਸਬੰਧ ਵਿਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸਨੀ ਸਿੰਘ ਆਲੂਵਾਲੀਆ, ਚੇਅਰਮੈਨ ਪੰਜਾਬ ਸੀਵਰੇਜ ਬੋਰਡ, ਆਇਸ਼ਾ ਮਸਜਿਦ ਪਹੁੰਚੇ ਅਤੇ ਮੁਸਲਮਾਨ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਮਸਜਿਦ ਦੀ ਦੇਖਭਾਲ ਪੁਰਾਣੀ ਕਮੇਟੀ ਹੀ ਕਰੇਗੀ। ਸਨੀ ਆਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਸੁਚੱਜੀ ਪ੍ਰਬੰਧਨਾ ਲਈ ਵਚਨਬੱਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਵਕਫ਼ ਬੋਰਡ ਕੇਵਲ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਦਾ ਕਸਟੋਡੀਅਨ ਹੈ ਅਤੇ ਕਿਸੇ ਵੀ ਧਾਰਮਿਕ ਮਾਮਲੇ ਵਿਚ ਭਾਈਚਾਰੇ ਦੀ ਭਾਵਨਾਵਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਇੰਤਜ਼ਾਮੀਆ ਵੈਲਫੇਅਰ ਕਮੇਟੀ, ਸੈਕਟਰ 109 ਦੇ ਮੈਂਬਰਾਂ ਨੇ ਵਕਫ਼ ਬੋਰਡ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਖੇਤਰ ਵਿਚ ਮਸਜਿਦ ਅਤੇ ਨਾਲ ਲੱਗਦੀ ਕਬਰਿਸਤਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਅਤੇ ਮੌਜੂਦਾ ਕਮੇਟੀ ਨੂੰ ਭੰਗ ਕਰਨ ਦਾ ਇਲਜ਼ਾਮ ਲਗਾਏ ਸੀ। ਮੁਸਲਿਮ ਭਾਈਚਾਰੇ ਦੇ ਆਗੂ ਡਾ. ਅਨਵਰ ਹੁਸੈਨ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ, ਮਸਜਿਦ ਕਮੇਟੀ ਦੇ ਮੈਂਬਰਾਂ ਅਤੇ ਮੁਸਲਿਮ ਭਾਈਚਾਰੇ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਆਸ ਜਤਾਈ ਗਈ ਕਿ ਅਗਲੇ ਸਮੇਂ ਵਿਚ ਅਜਿਹੇ ਵਿਵਾਦ ਦੁਬਾਰਾ ਪੈਦਾ ਨਹੀਂ ਹੋਣਗੇ।