ਸਰਕਾਰ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਵਿਧਾਇਕ
ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਵਿਧਾਇਕ ਕੁਲਵੰਤ ਸਿੰਘ,
Publish Date: Mon, 02 Feb 2026 06:59 PM (IST)
Updated Date: Mon, 02 Feb 2026 07:01 PM (IST)

- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰੋਜ਼ਾਨਾ ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ : ਵਿਧਾਇਕ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਐੱਮਐੱਲਏ ਕੁਲਵੰਤ ਸਿੰਘ ਮੁਹਾਲੀ ਨੇ ਸੋਮਵਾਰ ਨੂੰ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿਚ ਲਾਗੂ ਕਰਨ ਲਈ ਮੁਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਹੁਣ ਵਿਰੋਧੀਆਂ ਨੂੰ ਵੀ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਉਹ ਜੋ ਵੀ ਵਾਅਦੇ ਕਰਦੇ ਹਨ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਜਲਦੀ ਲਾਗੂ ਕੀਤਾ ਜਾਂਦਾ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਇਹ ਗੱਲ ਖ਼ੁਦ ਵੇਖੀ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀਆਂ ਕੋਲ ਬੋਲਣ ਲਈ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਉਹ ਬਿਨਾਂ ਵਜ੍ਹਾ ਬਿਆਨਬਾਜ਼ੀ ਕਰ ਕੇ ਆਪਣੀ ਰਾਜਨੀਤਿਕ ਮੌਜੂਦਗੀ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਲਈ ਕੰਮ ਕੀਤਾ ਜਾ ਰਿਹਾ ਹੈ। ਬਿਜਲੀ ਦੇ ਬਿੱਲ ਮਾਫ਼ ਕੀਤੇ ਗਏ ਹਨ, ਨੌਜਵਾਨ ਮੁੰਡੇ-ਕੁੜੀਆਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਹਾਲੀ ਦੇ ਸੀਐੱਸਸੀ ਸੈਂਟਰਾਂ ’ਚ ਰੋਜ਼ਾਨਾ ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਨੂੰ ਲੈ ਕੇ ਘਬਰਾਉਣ ਜਾਂ ਜਲਦਬਾਜ਼ੀ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੜਾਅਵਾਰ ਢੰਗ ਨਾਲ ਹਰ ਇੱਕ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀਐੱਸਸੀ ਸੈਂਟਰਾਂ ਤੋਂ ਇਲਾਵਾ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ, ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਘਰ-ਘਰ ਜਾ ਕੇ ਵੀ ਰਜਿਸਟ੍ਰੇਸ਼ਨ ਦਾ ਕੰਮ ਕਰਨਗੇ। ਰਜਿਸਟ੍ਰੇਸ਼ਨ ਕਰਵਾਉਣ ਲਈ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲੈ ਕੇ ਆਉਣ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਸਾਬਕਾ ਕੌਂਸਲਰ ਜਗਦੇਵ ਸ਼ਰਮਾ, ਗੁਰਪ੍ਰੀਤ ਸਿੰਘ ਬੈਂਸ, ਅਕਵਿੰਦਰ ਸਿੰਘ ਗੋਸਲ ਅਤੇ ਜਸਪਾਲ ਸਿੰਘ ਮਟੌਰ ਆਦਿ ਹਾਜ਼ਰ ਸਨ।