ਡੇਰਾਬੱਸੀ ’ਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ
ਡੇਰਾਬੱਸੀ ਵਿਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਦੂਜੇ ਚਰਨ ਦੀ ਸ਼ੁਰੂਆਤ,
Publish Date: Thu, 15 Jan 2026 05:27 PM (IST)
Updated Date: Thu, 15 Jan 2026 05:30 PM (IST)

ਵਾਰਡ ਨੰ. 13 ਵਿਚ ਜਾਗਰੂਕਤਾ ਯਾਤਰਾ ਕੱਢੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਵਾਰਡ ਨੰ. 13 ’ਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ’ਤੇ ਨਗਰ ਪ੍ਰਧਾਨ ਆਸ਼ੂ ਉਪਨੇਜਾ ਦੀ ਅਗਵਾਈ ਹੇਠ ਇਕ ਵਿਸ਼ਾਲ ਜਾਗਰੂਕਤਾ ਯਾਤਰਾ ਕੱਢੀ ਗਈ, ਜੋ ਵਾਰਡ ਦੇ ਸਾਰੇ ਹਿੱਸਿਆਂ ਵਿਚੋਂ ਹੁੰਦੀ ਹੋਈ ਗੁਜ਼ਰੀ। ਇਸ ਯਾਤਰਾ ’ਚ ਵਾਰਡ ਦੇ ਵੱਡੀ ਗਿਣਤੀ ਵਿਚ ਮਹਿਲਾ ਤੇ ਪੁਰਸ਼ ਵਾਸੀਆਂ ਨੇ ਹਿੱਸਾ ਲਿਆ ਅਤੇ ਨਸ਼ਿਆਂ ਦੇ ਵਿਰੁੱਧ ਇਕਜੁੱਟ ਹੋ ਕੇ ਮਜ਼ਬੂਤ ਸੰਦੇਸ਼ ਦਿੱਤਾ। ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਜਾ ਰਹੇ ਰਾਜ ਪੱਧਰੀ ਯਤਨਾਂ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਸਾਲ 2025 ਵਿਚ ਵੀ ਸਰਕਾਰ ਵੱਲੋਂ ਪੰਜਾਬ ਭਰ ਵਿਚ ਨਸ਼ਿਆਂ ਵਿਰੁੱਧ ਵਿਸ਼ਾਲ ਪੱਧਰ ’ਤੇ ਮੁਹਿੰਮ ਚਲਾਈ ਗਈ ਸੀ। ਉਸੇ ਲੜੀ ਨੂੰ ਅੱਗੇ ਵਧਾਉਂਦਿਆਂ ਹੁਣ ਡੇਰਾਬੱਸੀ ਵਿਚ ਇਸ ਮੁਹਿੰਮ ਦੀ ਮੁੜ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਨਗਰ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਗੰਭੀਰ ਸਮੱਸਿਆ ਹੈ, ਜਿਸ ਦਾ ਹੱਲ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਡੇਰਾਬੱਸੀ ਦੇ ਸਾਰੇ ਵਾਰਡਾਂ ਵਿਚ ਇਸ ਤਰ੍ਹਾਂ ਦੀਆਂ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾਣਗੀਆਂ, ਤਾਂ ਜੋ ਹਰ ਵਰਗ ਤੱਕ ਨਸ਼ਿਆਂ ਦੇ ਵਿਰੁੱਧ ਮਜ਼ਬੂਤ ਸੰਦੇਸ਼ ਪਹੁੰਚ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਜਾਗਰੂਕਤਾ ਯਾਤਰਾ ਵਿਚ ਸਮਾਜਸੇਵੀ ਅਤੇ ਸਾਬਕਾ ਕੌਂਸਲਰ ਨਰੇਸ਼ ਉਪਨੇਜਾ ਵੀ ਖ਼ਾਸ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਸਤਨਾਮ ਸਿੰਘ ਨੇ ਵੀ ਰੈਲੀ ਵਿਚ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਨੂੰ ਸਮਰਥਨ ਦਿੱਤਾ। ਰੈਲੀ ਦੌਰਾਨ ਲੋਕਾਂ ਨੇ ਨਸ਼ਾ ਵਿਰੋਧੀ ਨਾਅਰੇ ਲਗਾਏ ਅਤੇ ਨਸ਼ਾਮੁਕਤ, ਤੰਦਰੁਸਤ ਪੰਜਾਬ ਬਣਾਉਣ ਦਾ ਸੰਕਲਪ ਲਿਆ।