‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਭਲਕ ਤੋਂ : ਸੌਂਦ
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
Publish Date: Sat, 03 Jan 2026 09:21 PM (IST)
Updated Date: Sun, 04 Jan 2026 04:15 AM (IST)

ਕੈਪਸ਼ਨ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ। 32ਪੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨਿਚਰਵਾਰ ਨੂੰ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੁਹਾਲੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਸੂਬਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫ਼ਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਵਾਰਡਾਂ ’ਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ’ਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ’ਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਤੇ ਬਾਕੀ ਦੋਸ਼ੀਆਂ ਖ਼ਿਲਾਫ਼ ਦੂਜੇ ਪੜਾਅ ’ਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣ, ਪੰਚਾਇਤਾਂ ਨੂੰ ਮਜ਼ਬੂਤ ਕਰਨ ਤੇ ਆਮਦਨੀ ਵਾਧੇ ਲਈ ਸਰੋਤਾਂ ਨੂੰ ਵਿਕਸਤ ਕਰਨ ’ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ। ਇਸ ਇਕ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ’ਚ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਵੱਡੀ ਗਿਣਤੀ ’ਚ ਫੀਲਡ ਕਰਮਚਾਰੀ ਹਾਜ਼ਰ ਸਨ।