ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਖ਼ਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਰੇ ਫ਼ੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਖ਼ਾਲਸਾ ਮਾਰਚ ਦਾ ਆਯੋਜਨ ਸਿੱਖ ਕੌਮ ਦੇ ਮਾਮਲਿਆਂ ’ਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਖ਼ਿਲਾਫ਼ ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਰਚੀ ਜਾ ਰਹੀ ਡੂੰਘੀ ਸਾਜ਼ਿਸ਼ ਖ਼ਿਲਾਫ਼ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪਹਿਲਕਦਮੀ ਦਾ ਫ਼ੈਸਲਾ ਇਸ ਕਰਕੇ ਲਿਆ ਤਾਂ ਜੋ ਕੌਮ ਨਾਲ ਹੋ ਰਹੇ ਵਿਤਕਰੇ ਨੂੰ ਉਜਾਗਰ ਕੀਤਾ ਜਾ ਸਕੇ ਤੇ ਇਸ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਹਰਿਆਣਾ ਦੀ ਪਿਛਲੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਾਸ ਕੀਤੇ 2014 ਦੇ ਐਕਟ ਨੂੰ ਗ਼ੈਰ ਕਾਨੂੰਨੀ ਤੇ ਗ਼ੈਰ ਸੰਵਿਧਾਨਕ ਕਰਾਰ ਦਿੱਤਾ।

ਇਸ ਦੌਰਾਨ ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਵਿਚ ਦੇਰੀ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਮੀਟਿੰਗ ’ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਭਾਈ ਰਾਜੋਆਣਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਇਹ ਵਾਅਦਾ ਕੀਤਾ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇਗੀ ਤੇ ਉਹ ਪਹਿਲਾਂ ਹੀ ਉਮਰ ਕੈਦ ਭੋਗ ਚੁੱਕੇ ਹਨ।

Posted By: Shubham Kumar