ਗੁਰੂ ਸਾਹਿਬਾਨ ਵਿਰੁੱਧ ਗ਼ਲਤ ਸ਼ਬਦਾਵਲੀ ਦੀ ਵਰਤੋਂ ਬੇਹੱਦ ਮੰਦਭਾਗੀ : ਸੰਧੂ
ਗੁਰੂ ਸਾਹਿਬਾਨ ਵਿਰੁੱਧ ਗ਼ਲਤ ਸ਼ਬਦਾਵਲੀ ਦੀ ਵਰਤੋਂ ਬੇਹੱਦ ਮੰਦਭਾਗੀ : ਐੱਸਐੱਮਐੱਸ ਸੰਧੂ
Publish Date: Fri, 09 Jan 2026 06:21 PM (IST)
Updated Date: Fri, 09 Jan 2026 06:24 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਦਿੱਲੀ ਵਿਧਾਨ ਸਭਾ ਦੇ ਅੰਦਰ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਨੂੰ ਲੈ ਕੇ ਵਰਤੀ ਗਈ ਸ਼ਬਦਾਵਲੀ ਨੂੰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐੱਸਐੱਮਐੱਸ ਸੰਧੂ ਨੇ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸਿੱਖ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੇ ਹਨ। ਐੱਸਐੱਮਐੱਸ ਸੰਧੂ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਸਿਰਫ਼ ਸਿੱਖ ਪੰਥ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਸੱਚ, ਨਿਆਂ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਗਏ ਹਨ। ਉਨ੍ਹਾਂ ਵਰਗੀ ਮਹਾਨ ਰੂਹਾਨੀ ਹਸਤੀਆਂ ਵਿਰੁੱਧ ਅਸੰਵੇਦਨਸ਼ੀਲ ਅਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਕਿਸੇ ਵੀ ਸਥਿਤੀ ਵਿਚ ਕਬੂਲਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਗੱਲ ਹੈ ਕਿ ਕੁਝ ਰਾਜਨੀਤਿਕ ਆਗੂ ਲੋਕਤੰਤਰ ਦੇ ਸਭ ਤੋਂ ਵੱਡੇ ਮੰਚ ਵਿਧਾਨ ਸਭਾ ਵਿਚ ਬੈਠ ਕੇ ਆਪਣੀ ਜ਼ਿੰਮੇਵਾਰੀ ਨੂੰ ਭੁੱਲ ਕੇ ਅਜਿਹੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ। ਅਜਿਹਾ ਵਿਵਹਾਰ ਨਾ ਸਿਰਫ਼ ਧਾਰਮਿਕ ਸਹਿਣਸ਼ੀਲਤਾ ਦੇ ਖ਼ਿਲਾਫ਼ ਹੈ, ਸਗੋਂ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਵੀ ਠੇਸ ਪਹੁੰਚਾਉਂਦਾ ਹੈ। ਐੱਸਐੱਮਐੱਸ ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਦਾ ਜ਼ੁਲਮ ਅਤੇ ਬੇਇਨਸਾਫ਼ੀ ਦੇ ਵਿਰੁੱਧ ਡਟ ਕੇ ਸੱਚ ਦੀ ਰੱਖਿਆ ਕੀਤੀ ਅਤੇ ਸਮਾਜ ਨੂੰ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਮਾਨਜਨਕ ਬਿਆਨ ਸਿੱਖ ਸਮਾਜ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਸਰਕਾਰ ਅਤੇ ਸਬੰਧਤ ਧਿਰਾਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਧਰਮ ਜਾਂ ਧਾਰਮਿਕ ਹਸਤੀਆਂ ਪ੍ਰਤੀ ਅਸਮਾਨਜਸ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਰੋਕੀ ਜਾਵੇ, ਤਾਂ ਜੋ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣੀ ਰਹੇ।