ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਅਦਿੱਤਿਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ: ਅਦਿੱਤਿਆ
Publish Date: Wed, 11 Nov 2026 06:45 PM (IST)
Updated Date: Wed, 11 Nov 2026 06:48 PM (IST)
ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਿਆ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : 2016 ਬੈਚ ਦੇ ਆਈਏਐੱਸ ਅਫ਼ਸਰ ਅਦਿੱਤਿਆ ਡਚਲਵਾਲ ਨੇ ਬੁੱਧਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰੂਪਨਗਰ ’ਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ’ਚ ਲੋਕ ਭਲਾਈ ਯੋਜਨਾਵਾਂ ਨੂੰ ਹਰ ਇਕ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ’ਚ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ। ਇਸਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਨੇ ਨਵੇਂ ਡਿਪਟੀ ਕਮਿਸ਼ਨਰ ਨੂੰ ‘ਗਾਰਡ ਆਫ਼ ਆਨਰ’ ਦਿੱਤਾ। ਨਵੇਂ ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਣ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਐੱਸਡੀਐੱਮ ਖਰੜ ਗੁਰਮੀਤ ਸਿੰਘ ਅਤੇ ਐੱਸਪੀ ਨਵਰੀਤ ਸਿੰਘ ਵਿਰਕ ਨਾਲ ਸੰਖੇਪ ਮੀਟਿੰਗ ਵੀ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿਚ ਮੌਜੂਦਾ ਸਮੇਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਮੁਹਿੰਮਾਂ ਸਬੰਧੀ ਫੀਡਬੈਕ ਹਾਸਲ ਕੀਤੀ। ਉਨ੍ਹਾਂ ਸਾਰੇ ਅਫ਼ਸਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਕੋਈ ਵੀ ਨਾਗਰਿਕ ਨਿਰਾਸ਼ ਹੋ ਕੇ ਵਾਪਸ ਨਾ ਮੁੜੇ।