ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ, ਸੜਕ ’ਤੇ ਡਿੱਗਣ ਕਾਰਨ ਹੋਈ ਜ਼ਖ਼ਮੀ ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ, ਸੜਕ ’ਤੇ ਡਿੱਗਣ ਕਾਰਨ ਹੋਈ ਜ਼ਖ਼ਮੀ
Publish Date: Fri, 20 Nov 2026 09:15 PM (IST)
Updated Date: Fri, 20 Nov 2026 09:16 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਇੱਥੋਂ ਦੇ ਨਜ਼ਦੀਕੀ ਪਿੰਡ ਮੁਬਾਰਕਪੁਰ ਵਿਖੇ ਸ਼ਾਮ ਵੇਲੇ ਸੈਰ ਕਰ ਰਹੀ ਇਕ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਸਾਈਕਲ ਸਵਾਰ ਝਪਟਮਾਰ ਉਸ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਔਰਤ ਸੜਕ ’ਤੇ ਡਿੱਗ ਪਈ ਅਤੇ ਜ਼ਖ਼ਮੀ ਹੋ ਗਈ। ਲੁੱਟ-ਖੋਹ ਦੀ ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਮੁਬਾਰਕਪੁਰ ਦੀ ਵਸਨੀਕ ਔਰਤ ਪੂਨਮ ਰੋਜ਼ਾਨਾ ਵਾਂਗ ਸ਼ਾਮ ਸਮੇਂ ਆਪਣੇ ਘਰ ਦੇ ਨਜ਼ਦੀਕ ਸੈਰ ਕਰ ਰਹੀ ਸੀ। ਇਸੇ ਦੌਰਾਨ ਪਿੱਛੋਂ ਆਏ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਝਪਟਾ ਮਾਰ ਕੇ ਉਸ ਦੇ ਕੰਨਾਂ ’ਚੋਂ ਵਾਲੀਆਂ ਖਿੱਚ ਲਈਆਂ। ਅਚਾਨਕ ਹੋਏ ਇਸ ਹਮਲੇ ਕਾਰਨ ਪੂਨਮ ਆਪਣਾ ਸੰਤੁਲਨ ਗੁਆ ਬੈਠੀ ਅਤੇ ਪੱਕੀ ਸੜਕ ’ਤੇ ਡਿੱਗਣ ਕਾਰਨ ਉਸ ਦੇ ਸੱਟਾਂ ਲੱਗੀਆਂ। ਔਰਤ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋਏ, ਪਰ ਉਦੋਂ ਤੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੀੜਤ ਪਰਿਵਾਰ ਵੱਲੋਂ ਮੁਬਾਰਕਪੁਰ ਪੁਲਿਸ ਚੌਕੀ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ’ਚ ਲੈ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਦੂਜੇ ਪਾਸੇ ਇਲਾਕੇ ’ਚ ਲਗਾਤਾਰ ਵਾਪਰ ਰਹੀਆਂ ਝਪਟਮਾਰੀ ਦੀਆਂ ਘਟਨਾਵਾਂ ਕਾਰਨ ਸਥਾਨਕ ਨਿਵਾਸੀਆਂ ’ਚ ਸਹਿਮ ਦਾ ਮਾਹੌਲ ਹੈ।