- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਨਿਕਾਸੀ ਵਿਚ ਵਿਘਨ ਪੈਣ ਨਾਲ ਹਜ਼ਾਰਾਂ ਏਕੜ ਫਸਲਾਂ ਦੇ ਨੁਕਸਾਨ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ 2023 ਤੇ 2025 ਦੀਆਂ ਬਰਸਾਤਾਂ ਦੌਰਾਨ ਇਸ ਖੇਤਰ ਨੂੰ ਭਾਰੀ ਨੁਕਸਾਨ ਹੋਇਆ ਸੀ। ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਭਾਵਿਤ ਲੋਕਾਂ ਨਾਲ ਸਲਾਹ ਕੀਤੇ ਬਿਨਾਂ ਪ੍ਰੋਜੈਕਟ 'ਤੇ ਕੰਮ ਅੱਗੇ ਵਧਾਇਆ ਜਾ ਰਿਹਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਚੜ੍ਹਦੀ ਕਲਾ ਮੋਰਚਾ ਤੇ ਬੰਨ੍ਹ ਰੋਕੋ ਸੰਘਰਸ਼ ਕਮੇਟੀ ਨੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਤੋਂ ਫਿਰੋਜ਼ਪੁਰ ਤੱਕ ਪ੍ਰਸਤਾਵਿਤ 90 ਕਿਲੋਮੀਟਰ ਲੰਬੇ, 245 ਫੁੱਟ ਚੌੜੇ ਤੇ 35 ਫੁੱਟ ਉੱਚਾ ਬੰਨ੍ਹ ਬਣਾਉਣ ਦੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ। ਵੀਰਵਾਰ ਨੂੰ ਇਥੇ ਪ੍ਰੈੱਸ ਕਲੱਬ ’ਚ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਹਰੀਸ਼ ਨੱਡਾ, ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਪੰਜਾਬ ਦੇ ਆਗੂ ਕੁਲਵੰਤ ਸਿੰਘ, ਸਰਹੱਦੀ ਖੇਤਰ ਕਿਸਾਨ ਯੂਨੀਅਨ ਦੇ ਮੈਂਬਰ ਸੁਖਦੇਵ ਸੰਧੂ ਤੇ ਅੰਕੁਸ਼ ਕੰਬੋਜ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਬੰਨ੍ਹ ਬਣਾਉਣ ਦੀ ਯੋਜਨਾ ਤਹਿਤ ਸਰਹੱਦੀ ਖੇਤਰ ਦੇ ਚਾਰ ਦਰਜਨ ਦੇ ਕਰੀਬ ਪਿੰਡ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਬੰਨ੍ਹ ਬਨਾਉਣ ਨਾਲ ਨਾ ਸਿਰਫ਼ ਖੇਤੀ ਸੈਕਟਰ ਪ੍ਰਭਾਵਿਤ ਹੋਵੇਗਾ ਬਲਕਿ ਜਾਨ-ਮਾਲ ਨੂੰ ਖ਼ਤਰਾ ਵੀ ਹੋ ਸਕਦਾ ਹੈ।
ਆਗੂਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਨਿਕਾਸੀ ਵਿਚ ਵਿਘਨ ਪੈਣ ਨਾਲ ਹਜ਼ਾਰਾਂ ਏਕੜ ਫਸਲਾਂ ਦੇ ਨੁਕਸਾਨ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ 2023 ਤੇ 2025 ਦੀਆਂ ਬਰਸਾਤਾਂ ਦੌਰਾਨ ਇਸ ਖੇਤਰ ਨੂੰ ਭਾਰੀ ਨੁਕਸਾਨ ਹੋਇਆ ਸੀ। ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਭਾਵਿਤ ਲੋਕਾਂ ਨਾਲ ਸਲਾਹ ਕੀਤੇ ਬਿਨਾਂ ਪ੍ਰੋਜੈਕਟ 'ਤੇ ਕੰਮ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਪ੍ਰੋਜੈਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਸਥਾਨਕ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੰਨ੍ਹ ਪੂਰਾ ਹੋਣ ਤੋਂ ਬਾਅਦ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਚਾਰ ਤੋਂ ਸੱਤ ਕਿਲੋਮੀਟਰ ਵਾਧੂ ਸਫ਼ਰ ਕਰਨਾ ਪਵੇਗਾ, ਜਿਸ ਨਾਲ ਖੇਤੀ ਦੀ ਲਾਗਤ ਤੇ ਸਮਾਂ ਦੋਵੇਂ ਵਧਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਪ੍ਰੋਜੈਕਟ ਨੂੰ ਮੌਜੂਦਾ ਰੂਪ ਵਿਚ ਲਾਗੂ ਕੀਤਾ ਜਾਂਦਾ ਹੈ ਤਾਂ 42 ਤੋਂ 45 ਪਿੰਡਾਂ ਵਿਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਨੂੰ ਪਾਕਿਸਤਾਨ ਵਿਚ ਸ਼ਾਮਲ ਕਰਨਾ ਜਾਂ ਉਨ੍ਹਾਂ ਨੂੰ ਪਾਕਿਸਤਾਨ ਵਿਚ ਤਬਦੀਲ ਕਰਨਾ ਬਿਹਤਰ ਹੋਵੇਗਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਚਰਚਾ ਕਰਨ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਇਹ ਮਾਮਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਲ ਉਠਾਇਆ ਜਾਵੇ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ, ਖੇਤਰੀ ਵਿਧਾਇਕ ਤੇ ਰਾਜ ਸਰਕਾਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਕਮੇਟੀ ਨੇ ਕਿਹਾ ਕਿ ਕਿਸਾਨ ਪਿਛਲੇ 21 ਦਿਨਾਂ ਤੋਂ ਹੜਤਾਲ 'ਤੇ ਹਨ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ।