ਪੰਜਾਬ: 'ਨਕਲ ਮਾਫ਼ੀਆ ਨੂੰ ਸਰਪ੍ਰਸਤੀ ਦੇ ਰਹੇ ਹਨ...', BJP ਆਗੂ ਢਿੱਲੋਂ ਦਾ 'ਆਪ' 'ਤੇ ਨਿਸ਼ਾਨਾ, ਸਰਕਾਰ ਦੀ ਚੁੱਪੀ 'ਤੇ ਵੀ ਸਵਾਲ ਖੜ੍ਹੇ ਕੀਤੇ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਦੇ ਅਖੌਤੀ ਬਦਲਾਅ ਦੇ ਦਾਅਵਿਆਂ ਦੀ ਖੋਖਲੀ ਸੱਚਾਈ ਨੂੰ ਬੇਨਕਾਬ ਕਰਦਾ ਹੈ।
Publish Date: Sat, 25 Jul 2026 10:31 AM (IST)
Updated Date: Sat, 25 Jul 2026 10:34 AM (IST)
ਰਾਜ ਬਿਊਰੋ, ਜਾਗਰਣ, ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਦੇ ਅਖੌਤੀ ਬਦਲਾਅ ਦੇ ਦਾਅਵਿਆਂ ਦੀ ਖੋਖਲੀ ਸੱਚਾਈ ਨੂੰ ਬੇਨਕਾਬ ਕਰਦਾ ਹੈ।
ਪ੍ਰਦੇਸ਼ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਦੀ ਗਰੁੱਪ-ਬੀ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਅਤੇ ਫ਼ਰੀਦਕੋਟ ਵਿੱਚ ਫਾਰਮੈਸੀ ਅਧਿਕਾਰੀਆਂ ਦੀ ਭਰਤੀ ਦੌਰਾਨ ਸਾਹਮਣੇ ਆਏ ਹਾਈ-ਟੈਕ ਨਕਲ ਕਾਂਡ ਨੂੰ ਲੈ ਕੇ 'ਆਪ' ਸਰਕਾਰ ਦੀ ਕਾਰਜਪ੍ਰਣਾਲੀ ਅਤੇ ਚੁੱਪ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਢਿੱਲੋਂ ਨੇ ਕਿਹਾ ਕਿ PSSSB ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਗਰੁੱਪ-ਬੀ ਅਧਿਕਾਰੀਆਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਇਆ ਪਰ ਛੇ ਮਹੀਨੇ ਬੀਤ ਜਾਣ ਦੇ ਬਾਅਦ ਵੀ ਜਾਂਚ ਕਿਸੇ ਸਿੱਟੇ 'ਤੇ ਨਹੀਂ ਪਹੁੰਚੀ। ਇਹ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਵੱਡੀ ਪ੍ਰਸ਼ਾਸਨਿਕ ਅਸਫ਼ਲਤਾ ਦਾ ਪ੍ਰਮਾਣ ਹੈ। ਸਰਕਾਰ ਨੇ ਲਗਪਗ ਇੱਕ ਲੱਖ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ਅਤੇ ਹੁਣ ਪੂਰੀ ਤਰ੍ਹਾਂ ਚੁੱਪ ਧਾਰੀ ਬੈਠੀ ਹੈ।
ਢਿੱਲੋਂ ਨੇ ਫ਼ਰੀਦਕੋਟ ਦੇ ਫਾਰਮੈਸੀ ਭਰਤੀ ਨਕਲ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਪੈੱਨ ਕੈਮਰੇ ਅਤੇ ਬਲੂਟੁੱਥ ਉਪਕਰਨਾਂ ਰਾਹੀਂ 3.5 ਲੱਖ ਤੋਂ 13 ਲੱਖ ਰੁਪਏ ਤੱਕ ਵਸੂਲ ਕੇ ਸਰਕਾਰੀ ਨੌਕਰੀਆਂ ਨਿਲਾਮ ਕੀਤੀਆਂ ਜਾ ਰਹੀਆਂ ਹਨ।
ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਤੱਕ ਉਪਲਬਧ ਨਾ ਹੋਣਾ ਸਰਕਾਰੀ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਕਿਉਂ ਚੁੱਪ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਸਿਹਤ ਅਤੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।