ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ ’ਚ ਕੈਦ ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ ’ਚ ਕੈਦ
Publish Date: Thu, 15 Oct 2026 08:25 PM (IST)
Updated Date: Thu, 15 Oct 2026 08:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਇਲਾਕੇ ਵਿਚ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਡੇਰਾਬੱਸੀ ਦੇ ਨਜ਼ਦੀਕੀ ਪਿੰਡ ਸੁੰਡਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਚੋਰ ਵੱਲੋਂ ਪਿੰਡ ਵਿਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰ ਮੰਦਰ ਅੰਦਰ ਪਈ ਗੋਲਕ ਨੂੰ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਵਿਅਕਤੀ ਮੂੰਹ ਉੱਤੇ ਕੱਪੜਾ ਬੰਨ੍ਹ ਕੇ ਸ਼ਿਵ ਮੰਦਰ ਦੇ ਅੰਦਰ ਦਾਖ਼ਲ ਹੋਇਆ। ਚੋਰ ਨੇ ਬੜੀ ਚਲਾਕੀ ਨਾਲ ਮੰਦਰ ’ਚ ਪਈ ਦਾਨ ਪਾਤਰ (ਗੋਲਕ) ਨੂੰ ਨਿਸ਼ਾਨਾ ਬਣਾਇਆ ਅਤੇ ਚੋਰ ਗੋਲਕ ਨੂੰ ਤੋੜਨ ਦੀ ਬਜਾਏ ਚੁਕ ਕੇ ਹੀ ਆਪਣੇ ਨਾਲ ਲੈ ਗਿਆ। ਮੰਦਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਚੋਰੀ ਦੀ ਸਾਰੀ ਵਾਰਦਾਤ ਕੈਦ ਹੋ ਗਈ ਹੈ। ਸਵੇਰੇ ਜਦੋਂ ਮੰਦਰ ਦੇ ਪੁਜਾਰੀ ਅਤੇ ਪਿੰਡ ਦੇ ਲੋਕ ਪੂਜਾ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਨੇ ਗੋਲਕ ਨੂੰ ਗਾਇਬ ਦੇਖਿਆ। ਇਸ ਦੀ ਸੂਚਨਾ ਤੁਰੰਤ ਪਿੰਡ ਦੀ ਪੰਚਾਇਤ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੰਦਰ ’ਚ ਇਕੱਠੇ ਹੋ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਲਾਕੇ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ ਹੈ। ਪਿੰਡ ਦੇ ਪਤਵੰਤਿਆਂ ਨੇ ਸਥਾਨਕ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਮੰਦਰ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਸਥਾਨਕ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਨੇ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਚੋਰ ਦੀ ਪਛਾੜ ਕਰਕੇ ਕਾਬੂ ਕਰ ਲਿਆ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।