ਚੰਡੀਗੜ੍ਹ 'ਚ ਡੀਸੀ ਦਫ਼ਤਰ ਤੇ ਪੰਜਾਬ ਯੂਨੀਵਰਸਿਟੀ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ, ਪਰ ਸਾਵਧਾਨੀ ਵਜੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
Publish Date: Mon, 27 Apr 2026 10:00 AM (IST)
Updated Date: Mon, 27 Apr 2026 10:06 AM (IST)
ਤਰੁਣ ਭਜਨੀ, ਚੰਡੀਗੜ੍ਹ: ਸ਼ਹਿਰ ਵਿੱਚ ਇੱਕ ਵਾਰ ਫਿਰ ਬੰਬ ਦੀ ਧਮਕੀ ਨਾਲ ਤਰਥੱਲੀ ਮਚ ਗਈ ਹੈ। ਕੰਟਰੋਲ ਰੂਮ ਨੂੰ ਮਿਲੀ ਸੂਚਨਾ ਮੁਤਾਬਕ, ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਧਮਕੀ ਤੋਂ ਬਾਅਦ ਦੋਵੇਂ ਸੰਵੇਦਨਸ਼ੀਲ ਸਥਾਨਾਂ ’ਤੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਬੰਬ ਸਕਵਾਡ, ਡੌਗ ਸਕਵਾਡ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਆਸ-ਪਾਸ ਦੇ ਇਲਾਕਿਆਂ ਨੂੰ ਵੀ ਘੇਰਾਬੰਦੀ ਕਰਕੇ ਚੈੱਕ ਕੀਤਾ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ, ਪਰ ਸਾਵਧਾਨੀ ਵਜੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
ਕਾਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਟੀਮ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕਾਲ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਹੋ ਸਕਦੀ ਹੈ, ਹਾਲਾਂਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।