ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਤੁਰੰਤ ਕੀਤੀ ਛੁੱਟੀ
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਤੁਰੰਤ ਕੀਤੀ ਛੁੱਟੀ
Publish Date: Tue, 17 Feb 2026 06:51 PM (IST)
Updated Date: Tue, 17 Feb 2026 06:54 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਸਥਿਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਕੂਲ ਪ੍ਰਬੰਧਕਾਂ ਨੂੰ ਈ-ਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸੂਝ-ਬੂਝ ਦਿਖਾਉਂਦੇ ਹੋਏ ਤੁਰੰਤ ਵਿਦਿਆਰਥੀਆਂ ਦੀ ਛੁੱਟੀ ਕਰ ਦਿੱਤੀ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਕਵਿਤਾ ਅੱਤਰੀ ਨੂੰ ਦੱਸਿਆ ਕਿ ਸਕੂਲ ਦੀ ਅਧਿਕਾਰਤ ਈ-ਮੇਲ ਆਈਡੀ ਤੇ ਸਵੇਰੇ 9 ਵਜੇ ਦੇ ਕਰੀਬ ਇਕ ਅਣਪਛਾਤੇ ਵੱਲੋਂ ਈ-ਮੇਲ ਆਈ, ਜਿਸ ਵਿਚ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਜਿਸ ਵਿਚ ਲਿਖਿਆ ਸੀ ਕਿ 1 ਵਜੇ ਦੇ ਕਰੀਬ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਮੇਲ ਦੇਖਦੇ ਹੀ ਸਕੂਲ ਪ੍ਰਬੰਧਨ ਨੇ ਬਿਨਾਂ ਦੇਰੀ ਕੀਤੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲ ਖਾਲੀ ਕਰਵਾ ਦਿੱਤਾ ਅਤੇ ਮਾਪਿਆਂ ਨੂੰ ਬੱਚਿਆਂ ਨੂੰ ਘਰ ਲੈ ਜਾਣ ਲਈ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ਤੇ ਪਹੁੰਚ ਗਏ। ਪੁਲਿਸ ਵੱਲੋਂ ਪੂਰੇ ਸਕੂਲ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਲਈ ਬੱਚਿਆਂ ਦੀ ਜਾਨ ਸਭ ਤੋਂ ਪਹਿਲਾਂ ਹੈ। ਧਮਕੀ ਮਿਲਣ ਸਾਰ ਹੀ ਅਸੀਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਸ ਈ-ਮੇਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਸਕੂਲ ਦੇ ਅੰਦਰ ਜਾਂ ਆਲੇ-ਦੁਆਲੇ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਅਫ਼ਵਾਹਾਂ ਵੱਲ ਧਿਆਨ ਨਾ ਦੇਣ।