ਜੈ ਸਿੰਘ ਛਿੱਬਰ, ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲ ਰਾਸ਼ਟਰਪਤੀ ਦੀ ਮੋਹਰ ਲਈ ਵਿਚਾਰ ਅਧੀਨ ਹਨ। ਅੱਜ ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰੀ ਕਾਨੂੰਨਾਂ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਤਿੰਨ ਸੋਧ ਕਾਨੂੰਨ ਕਿਸਾਨ ਉਤਪਾਦ ਵਪਾਰ ਅਤੇ ਵਣਜ, ਕਿਸਾਨ ਮੁੱਲ ਭਰੋਸਾ ਤੇ ਖੇਤੀ ਸਭਾਵਾਂ ਸਮਝੌਤਾ ਬਿੱਲ ਅਤੇ ਜ਼ਰੂਰੀ ਵਸਤਾਂ ਬਿੱਲ ਵੀ ਪਾਸ ਕੀਤੇ ਸਨ। ਇਹ ਕਾਨੂੰਨ ਸੰਵਿਧਾਨ ਦੀ ਧਾਰਾ 254 ਅਧੀਨ ਰਾਸ਼ਟਰਪਤੀ ਦੀ ਸਹਿਮਤੀ ਲਈ ਵਿਚਾਰ ਅਧੀਨ ਹਨ।

ਵਿੱਤੀ ਵਰ੍ਹੇ ਯਾਨੀ ਇਕ ਅਪ੍ਰੈਲ ਤੋਂ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਹੋ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ 'ਚ ਆਜ਼ਾਦੀ ਘੁਲਾਟੀਆਂ ਨੂੰ 7500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਸੀ, ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਅਪ੍ਰੈਲ ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਲਾਟਾਂ ਅਤੇ ਮਕਾਨਾਂ ਦੀ ਅਲਾਟਮੈਂਟ ਸਮੇਂ ਵੀ ਆਜ਼ਾਦੀ ਘੁਲਾਟੀਆਂ ਨੂੰ ਦੋ ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਅਂ ਦੇ ਯੋਗ ਵਾਰਸਾਂ ਨੂੰ ਮੈਡੀਕਲ ਤੇ ਤਕਨੀਕੀ ਕਾਲਜਾਂ ਵਿਚ ਦਾਖ਼ਲੇ ਤੇ ਸਿੱਧੀ ਭਰਤੀ ਦੇ ਸਮੇਂ ਇਕ ਫੀਸਦੀ ਦਾ ਰਾਖਵਾਂਕਰਨ ਦਿੱਤਾ ਗਿਆ ਹੈ।

Posted By: Seema Anand