ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ : ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੰਗਾਂ ਦੇ ਠੋਸ ਨਿਪਟਾਰੇ ਲਈ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖਡ਼ਕਾਉਣ ਵਾਲੇ ਐਕਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਐਕਸ਼ਨ ਵਿਚ ਪੰਜਾਬ ਭਰ ਤੋਂ ਕਾਫ਼ਲਿਆਂ ਦੇ ਰੂਪ ਵਿਚ ਹਜ਼ਾਰਾਂ ਬੇਜ਼ਮੀਨੇ ਮਜ਼ਦੂਰ ਸ਼ਮੂਲੀਅਤ ਕਰਨਗੇ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ 30 ਨਵੰਬਰ ਨੂੰ ਹਰ ਹਾਲ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖਡ਼ਕਾਇਆ ਜਾਵੇਗਾ। ਕੁੰਡਾ ਖਡ਼ਕਾਉਣ ਲਈ ਪੰਜਾਬ ਭਰ ਦੇ ਹਜ਼ਾਰਾਂ ਮਜ਼ਦੂਰ ਪੱਬਾਂ ਭਾਰ ਹਨ।

ਉਨ੍ਹਾਂ ਦੱਸਿਆ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਵਿਚ ਉਹ ਮੰਗਾਂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਲਾਗੂ ਕਰਨ ’ਤੇ ਨਿੱਕਾ ਧੇਲਾ ਤਕ ਖ਼ਰਚ ਨਹੀਂ ਆਉਣਾ। ਫਿਰ ਸਰਕਾਰ ਦੀ ਨੀਅਤ ਤੇ ਨੀਤੀ ਮਜ਼ਦੂਰ ਵਿਰੋਧੀ ਹੋਣ ਕਾਰਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ।

ਉਨ੍ਹÎਾਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾਡ਼ੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋਡ਼ਵੰਦਾਂ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ਼ ਕਰਨ, ਖ਼ੁਦਕੁਸ਼ੀ ਪੀਡ਼ਤਾਂ ਨੂੰ ਮੁਆਵਜ਼ਾ ਦੇਣ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ, ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ ’ਤੇ ਜਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਆਦਿ ਸ਼ਾਮਲ ਹਨ।

Posted By: Sandip Kaur