ਤਿੰਨ ਹਫ਼ਤਿਆਂ ’ਚ 2.96 ਲੱਖ ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ, 5.15 ਲੱਖ ਪ੍ਰਾਪਰਟੀ ਕਾਰਡ ਵੰਡੇ; ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 2,576 ਪਿੰਡਾਂ ਤੱਕ ਪਹੁੰਚੀ ਮੁਹਿੰਮ ਪੰਜਾਬ ਵਿੱਚ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸਰਕਾਰ ਹੁਣ ਤੱਕ 5.15 ਲੱਖ ਪ੍ਰਾਪਰਟੀ ਕਾਰਡ ਵੰਡ ਚੁੱਕੀ ਹੈ। ਸੂਬੇ ਦੇ 23 ਜ਼ਿਲ੍ਹਿਆਂ ਦੇ 2,576 ਪਿੰਡਾਂ ਤੱਕ ਇਹ ਮੁਹਿੰਮ ਪਹੁੰਚ ਚੁੱਕੀ ਹੈ, ਜਦਕਿ ਕੁੱਲ 7.11 ਲੱਖ ਪ੍ਰਾਪਰਟੀ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।
Publish Date: Sun, 29 Nov 2026 03:10 PM (IST)
Updated Date: Sun, 29 Nov 2026 03:16 PM (IST)
ਰੋਹਿਤ ਕੁਮਾਰ, ਚੰਡੀਗੜ੍ਹ। ਪੰਜਾਬ ਵਿੱਚ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸਰਕਾਰ ਹੁਣ ਤੱਕ 5.15 ਲੱਖ ਪ੍ਰਾਪਰਟੀ ਕਾਰਡ ਵੰਡ ਚੁੱਕੀ ਹੈ। ਸੂਬੇ ਦੇ 23 ਜ਼ਿਲ੍ਹਿਆਂ ਦੇ 2,576 ਪਿੰਡਾਂ ਤੱਕ ਇਹ ਮੁਹਿੰਮ ਪਹੁੰਚ ਚੁੱਕੀ ਹੈ, ਜਦਕਿ ਕੁੱਲ 7.11 ਲੱਖ ਪ੍ਰਾਪਰਟੀ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।
ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 7 ਅਕਤੂਬਰ 2026 ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਸੀ। ਦੋ ਨਵੰਬਰ ਤੱਕ 1,370 ਪਿੰਡਾਂ ਵਿੱਚ ਕਰੀਬ 2.19 ਲੱਖ ਕਾਰਡ ਵੰਡੇ ਗਏ ਸਨ। ਇਸ ਤੋਂ ਬਾਅਦ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਵਿਭਾਗ ਨੇ ਵੰਡ ਦੀ ਰਫ਼ਤਾਰ ਤੇਜ਼ ਕੀਤੀ ਅਤੇ ਕਰੀਬ 2.96 ਲੱਖ ਹੋਰ ਪਰਿਵਾਰਾਂ ਤੱਕ ਮਾਲਕੀ ਹੱਕ ਦੇ ਦਸਤਾਵੇਜ਼ ਪਹੁੰਚਾਏ। ਇਸ ਸਮੇਂ ਦੌਰਾਨ ਰੋਜ਼ਾਨਾ ਔਸਤਨ 10 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਦਿੱਤੇ ਗਏ। ਉਨ੍ਹਾਂ ਇਸ ਕੰਮ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ।
ਹੁਣ ਮਕਾਨ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ ਲੈ ਸਕਣਗੇ ਪਰਿਵਾਰ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਪਿਛਲੇ 30 ਤੋਂ 40 ਸਾਲਾਂ ਤੋਂ ਲਾਲ ਲਕੀਰ ਦੇ ਅੰਦਰ ਬਣੇ ਮਕਾਨਾਂ ਵਿੱਚ ਰਹਿ ਰਹੇ ਸਨ। ਉਨ੍ਹਾਂ ਕੋਲ ਮਕਾਨ ਦੀ ਮਾਲਕੀ ਸਾਬਤ ਕਰਨ ਲਈ ਕੋਈ ਸਰਕਾਰੀ ਦਸਤਾਵੇਜ਼ ਨਹੀਂ ਸੀ। ਇਸ ਕਾਰਨ ਉਹ ਆਪਣੇ ਘਰ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ ਨਹੀਂ ਲੈ ਸਕਦੇ ਸਨ। ਇਸ ਤੋਂ ਇਲਾਵਾ ਜਾਇਦਾਦ ਵੇਚਣ, ਕਾਨੂੰਨੀ ਤੌਰ ’ਤੇ ਤਬਦੀਲ ਕਰਨ ਅਤੇ ਪਰਿਵਾਰਕ ਮੈਂਬਰਾਂ ਵਿਚਾਲੇ ਮਾਲਕੀ ਨੂੰ ਲੈ ਕੇ ਵਿਵਾਦ ਹੋਣ ਦੀ ਸਥਿਤੀ ਵਿੱਚ ਵੀ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਮਕਾਨ ਦੀ ਸਰਕਾਰੀ ਮਾਲਕੀ ਦਾ ਸਬੂਤ ਮਿਲੇਗਾ। ਇਸ ਨਾਲ ਉਹ ਨਿਯਮਾਂ ਅਨੁਸਾਰ ਆਪਣੇ ਮਕਾਨ ਨੂੰ ਬੈਂਕ ਕੋਲ ਗਿਰਵੀ ਰੱਖ ਕੇ ਕਰਜ਼ਾ ਲੈ ਸਕਣਗੇ। ਇਸ ਤੋਂ ਇਲਾਵਾ ਜਾਇਦਾਦ ਦੀ ਵਿਕਰੀ ਅਤੇ ਮਾਲਕੀ ਤਬਦੀਲ ਕਰਨ ਵਰਗੇ ਕੰਮ ਵੀ ਕਰਵਾ ਸਕਣਗੇ। ਸਰਕਾਰ ਦਾ ਮਕਸਦ ਅਜਿਹੇ ਮਕਾਨਾਂ ਨੂੰ ਕਾਨੂੰਨੀ ਅਤੇ ਆਰਥਿਕ ਤੌਰ ’ਤੇ ਜਾਇਦਾਦ ਵਜੋਂ ਮਾਨਤਾ ਦਿਵਾਉਣਾ ਹੈ, ਜਿਨ੍ਹਾਂ ਵਿੱਚ ਪਰਿਵਾਰ ਲੰਬੇ ਸਮੇਂ ਤੋਂ ਰਹਿ ਰਹੇ ਹਨ।
ਚਾਰ ਪੜਾਵਾਂ ਵਿੱਚ ਕੀਤਾ ਜਾ ਰਿਹੈ ਸਰਵੇਖਣ ਅਤੇ ਕਾਰਡਾਂ ਦੀ ਵੰਡ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਨੂੰ ਚਾਰ ਪੜਾਵਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਡਰੋਨ ਤਕਨੀਕ ਰਾਹੀਂ ਪਿੰਡਾਂ ਦਾ ਸਰਵੇਖਣ ਕਰਵਾਇਆ ਜਾ ਰਿਹਾ ਹੈ। ਮਕਾਨਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਥਿਤੀ ਦਰਜ ਕਰਨ ਤੋਂ ਬਾਅਦ ਮਾਲ ਰਿਕਾਰਡ ਤਿਆਰ ਕੀਤਾ ਜਾਂਦਾ ਹੈ ਅਤੇ ਯੋਗ ਪਰਿਵਾਰਾਂ ਦੇ ਪ੍ਰਾਪਰਟੀ ਕਾਰਡ ਬਣਾਏ ਜਾਂਦੇ ਹਨ। ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਕਿਸੇ ਵੀ ਯੋਗ ਪਰਿਵਾਰ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿਣ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਹਰ ਯੋਗ ਪਰਿਵਾਰ ਨੂੰ ਉਸ ਦੇ ਘਰ ਦਾ ਮਾਲਕੀ ਹੱਕ ਦਿਵਾਉਣਾ ਹੈ। ਇਸ ਲਈ ਮਾਲ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕੰਮ ਕਰ ਰਹੀਆਂ ਹਨ। ਸਰਕਾਰ ਚਾਹੁੰਦੀ ਹੈ ਕਿ ਦਹਾਕਿਆਂ ਤੋਂ ਮਾਲਕੀ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲੇ ਅਤੇ ਜਾਇਦਾਦ ਨਾਲ ਜੁੜੇ ਵਿਵਾਦਾਂ ਤੇ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਮੁਸ਼ਕਲ ਘੱਟ ਹੋਵੇ।