ਸਰਕਾਰੀ ਸਕੂਲ ਪੰਡਵਾਲਾ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
ਸਰਕਾਰੀ ਸਕੂਲ ਪੰਡਵਾਲਾ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Thu, 29 Jan 2026 05:35 PM (IST)
Updated Date: Thu, 29 Jan 2026 05:37 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਪ੍ਰਤੀ ਸੁਚੇਤ ਕਰਨ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪਿੰਡ ਪੰਡਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਮੁਬਾਰਕਪੁਰ ਹਰਕੇਸ਼ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਹਰਕੇਸ਼ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਲਾਪਰਵਾਹੀ ਅਤੇ ਨਿਯਮਾਂ ਦੀ ਅਣਦੇਖੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੁਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਾਉਣ ਅਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਹੀਂ ਚਲਾਉਣੇ ਚਾਹੀਦੇ, ਕਿਉਂਕਿ ਇਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਬਲਕਿ ਜਾਨਲੇਵਾ ਵੀ ਹੋ ਸਕਦਾ ਹੈ। ਟ੍ਰੈਫਿਕ ਇੰਚਾਰਜ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਸਹੁੰ ਵੀ ਚੁਕਾਈ। ਉਨ੍ਹਾਂ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਬੀਮਾ ਵਰਗੇ ਜ਼ਰੂਰੀ ਦਸਤਾਵੇਜ਼ਾਂ ਦੀ ਅਹਿਮੀਅਤ ਬਾਰੇ ਵੀ ਦੱਸਿਆ। ‘‘‘‘‘‘‘‘‘‘‘‘‘‘ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਟ੍ਰੈਫਿਕ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥੀਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਖ਼ੁਦ ਵੀ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਆਪਣੇ ਮਾਪਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ।