ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
Publish Date: Wed, 21 Jan 2026 05:34 PM (IST)
Updated Date: Wed, 21 Jan 2026 05:36 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਕੌਮੀ ਸੜਕ ਸੁਰੱਖਿਆ ਦੇ ਮੱਦੇਨਜ਼ਰ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਬਾਰੀਕੀ ਨਾਲ ਜਾਣਕਾਰੀ ਦਿੱਤੀ। ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦੁਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਾਉਣਾ ਅਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਹੀਂ ਚਲਾਉਣੇ ਚਾਹੀਦੇ, ਕਿਉਂਕਿ ਇਹ ਨਾ ਸਿਰਫ਼ ਗ਼ੈਰ-ਕਾਨੂੰਨੀ ਹੈ, ਬਲਕਿ ਜਾਨਲੇਵਾ ਵੀ ਹੋ ਸਕਦਾ ਹੈ। ਵਿਦਿਆਰਥੀਆਂ ਨੂੰ ਸੜਕ ਤੇ ਲੱਗੇ ਟ੍ਰੈਫਿਕ ਸਾਈਨ ਬੋਰਡਾਂ, ਲਾਲ ਬੱਤੀ ਦੀ ਪਾਲਣਾ ਕਰਨ ਅਤੇ ਸੜਕ ਪਾਰ ਕਰਦੇ ਸਮੇਂ ਜ਼ੈਬਰਾ ਕਰਾਸਿੰਗ ਦੀ ਵਰਤੋਂ ਕਰਨ ਬਾਰੇ ਵਿਸਥਾਰ ਵਿਚ ਦੱਸਿਆ ਗਿਆ। ਉਨ੍ਹਾਂ ਅਪੀਲ ਕੀਤੀ ਕਿ ਕਦੇ ਵੀ ਨਸ਼ੇ ਦੀ ਹਾਲਤ ਵਿਚ ਜਾਂ ਮੋਬਾਈਲ ਦੀ ਵਰਤੋਂ ਕਰਦੇ ਹੋਏ ਵਾਹਨ ਨਾ ਚਲਾਇਆ ਜਾਵੇ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ। ਜੇਕਰ ਉਹ ਅੱਜ ਤੋਂ ਹੀ ਨਿਯਮਾਂ ਦੀ ਪਾਲਣਾ ਕਰਨਗੇ ਤਾਂ ਅਸੀਂ ਸੜਕੀ ਹਾਦਸਿਆਂ ਵਿਚ ਹੋਣ ਵਾਲੇ ਜਾਨੀ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੇ ਹਾਂ। ਸਕੂਲ ਪ੍ਰਬੰਧਕਾਂ ਨੇ ਟ੍ਰੈਫਿਕ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਖ਼ੁਦ ਵੀ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਗਰੂਕ ਕਰਨਗੇ।