ਨੋ-ਪਾਰਕਿੰਗ ’ਚ ਖੜ੍ਹੇ ਵਾਹਨਾਂ ’ਤੇ ਟ੍ਰੈਫਿਕ ਪੁਲਿਸ ਦਾ ਐਕਸ਼ਨ, 40 ਵਾਹਨਾਂ ਦੇ ਕੱਟੇ ਚਾਲਾਨ ਨੋ-ਪਾਰਕਿੰਗ 'ਚ ਖੜ੍ਹੇ ਵਾਹਨਾਂ 'ਤੇ ਟ੍ਰੈਫਿਕ ਪੁਲਿਸ ਦਾ ਐਕਸ਼ਨ,
Publish Date: Wed, 11 Nov 2026 07:18 PM (IST)
Updated Date: Wed, 11 Nov 2026 07:21 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸ਼ਹਿਰ ’ਚ ਦਿਨੋ-ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਡੇਰਾਬੱਸੀ ਤਹਿਸੀਲ ਕੰਪਲੈਕਸ ਦੇ ਬਾਹਰ ਨੋ-ਪਾਰਕਿੰਗ ਜ਼ੋਨ, ਮੁੱਖ ਸੜਕਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਸੰਪਰਕ ਸੜਕਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਗ਼ਲਤ ਤਰੀਕੇ ਨਾਲ ਵਾਹਨ ਪਾਰਕ ਕਰਨ ਵਾਲੇ 40 ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ। ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਤਹਿਸੀਲ ਕੰਪਲੈਕਸ ਦੇ ਬਾਹਰ ਆਮ ਲੋਕਾਂ ਵੱਲੋਂ ਆਪਣੇ ਵਾਹਨ ਨੋ-ਪਾਰਕਿੰਗ ਜ਼ੋਨ ਅਤੇ ਲਿੰਕ ਰੋਡ ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਕਰ ਦਿੱਤੇ ਜਾਂਦੇ ਹਨ। ਇਸ ਕਾਰਨ ਇੱਥੋਂ ਲੰਘਣ ਵਾਲੇ ਹੋਰ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਕਸਰ ਟ੍ਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ। ਲੋਕਾਂ ਦੀ ਸੁਵਿਧਾ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਨੋ-ਪਾਰਕਿੰਗ ਚ ਖੜ੍ਹੇ ਵਾਹਨਾਂ ਤੋਂ ਇਲਾਵਾ ਬਿਨਾਂ ਹੈਲਮੇਟ, ਬਿਨਾਂ ਸੀਟ ਬੈਲਟ, ਗ਼ਲਤ ਦਿਸ਼ਾ (ਰੌਂਗ ਸਾਈਡ) ’ਚ ਵਾਹਨ ਚਲਾਉਣ ਵਾਲਿਆਂ ਅਤੇ ਕਾਗ਼ਜ਼ਾਤ ਪੂਰੇ ਨਾ ਹੋਣ ਵਾਲੇ ਵਾਹਨ ਚਾਲਕਾਂ ਦੇ ਵੀ ਚਾਲਾਨ ਕੀਤੇ ਗਏ ਹਨ। ਟ੍ਰੈਫਿਕ ਇੰਚਾਰਜ ਨੇ ਵਾਹਨ ਚਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਿਤ ਪਾਰਕਿੰਗ ਥਾਵਾਂ ਤੇ ਹੀ ਖੜ੍ਹੇ ਕਰਨ ਅਤੇ ਸੜਕ ਤੇ ਚਲਦਿਆਂ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਸ਼ਹਿਰ ਨੂੰ ਜਾਮ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।