- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਰਾ ਸਾਨ੍ਹ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਵੱਲ ਨਗਰ ਕੌਂਸਲ ਜਾਂ ਸਥਾਨਕ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਲੋਕਾਂ ਨੇ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਦੀ ਤੁਰੰਤ ਸੰਭਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਨਿਊ ਚੰਡੀਗੜ੍ਹ ਦੇ ਨਜ਼ਦੀਕੀ ਪਿੰਡ ਸੈਣੀ ਮਾਜਰਾ ਵਿਖੇ ਇਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਸੜਕ 'ਤੇ ਆਪਸ ਵਿੱਚ ਲੜ ਰਹੇ ਆਵਾਰਾ ਸਾਨ੍ਹ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਘਰ ਵਿੱਚ ਕਮਾਈ ਕਰਨ ਵਾਲਾ ਇਕੱਲਾ ਸਹਾਰਾ ਸੀ।
ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ ਨੌਜਵਾਨ :
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਨਰਿੰਦਰ ਸਿੰਘ (42) ਵਾਸੀ ਸੈਣੀ ਮਾਜਰਾ ਰੋਜ਼ਾਨਾ ਵਾਂਗ ਆਪਣੇ ਕੰਮ ਤੋਂ ਫਾਰਗ ਹੋ ਕੇ ਘਰ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਅਚਾਨਕ ਆਵਾਰਾ ਸਾਨ੍ਹ ਦੀ ਲੜਾਈ ਦੀ ਚਪੇਟ ਵਿੱਚ ਆਉਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ।
ਮਾਪਿਆਂ ਦਾ ਪਹਿਲਾਂ ਹੀ ਹੋ ਚੁੱਕਾ ਹੈ ਦੇਹਾਂਤ :
ਇਸ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਕੇ ਰੱਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਨੌਜਵਾਨ ਦੇ ਮਾਤਾ-ਪਿਤਾ ਦੀ ਵੀ ਮੌਤ ਹੋ ਚੁੱਕੀ ਸੀ। ਮਾਪਿਆਂ ਦੇ ਜਾਣ ਤੋਂ ਬਾਅਦ ਉਹ ਹੀ ਪਰਿਵਾਰ ਦੀ ਦੇਖਭਾਲ ਕਰ ਰਿਹਾ ਸੀ, ਪਰ ਹੁਣ ਉਸਦੀ ਮੌਤ ਨਾਲ ਘਰ ਵਿੱਚ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ।
ਪ੍ਰਸ਼ਾਸਨ ਖਿਲਾਫ਼ ਸਥਾਨਕ ਲੋਕਾਂ ਵਿਚ ਭਾਰੀ ਰੋਸ :
ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਪ੍ਰਸ਼ਾਸਨ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਿਊ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਰਾ ਸਾਨ੍ਹ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਵੱਲ ਨਗਰ ਕੌਂਸਲ ਜਾਂ ਸਥਾਨਕ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਲੋਕਾਂ ਨੇ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਦੀ ਤੁਰੰਤ ਸੰਭਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ।