ਟਰਾਂਸਪੋਰਟ ਵਿਭਾਗ ’ਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਟਰਾਂਸਪੋਰਟ ਵਿਭਾਗ ’ਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
Publish Date: Wed, 28 Oct 2026 07:31 PM (IST)
Updated Date: Thu, 29 Oct 2026 04:05 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ’ਚ ਤਰਸ ਦੇ ਆਧਾਰ ’ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ’ਚ ਸੌਂਪੇ ਗਏ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਚੀਮਾ ਨੇ ਕਿਹਾ ਤਰਸ ਦੇ ਆਧਾਰ ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ। ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।