ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ
ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਰੋਹ ਆਯੋਜਿਤ
Publish Date: Mon, 23 Mar 2026 05:01 PM (IST)
Updated Date: Mon, 23 Mar 2026 05:04 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਰਿਸ਼ੀ ਅਪਾਰਟਮੈਂਟ ਸੈਕਟਰ 70 ਮੁਹਾਲੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਰਿਸ਼ੀ ਅਪਾਰਟਮੈਂਟ ਆਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਰਿਹਾਇਸ਼ੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਰਿਹਾਇਸ਼ੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ। ਸਮਾਗਮ ਦੌਰਾਨ ਸਥਾਨਕ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਅਹੂਤੀ ਦੇ ਕੇ ਇਤਿਹਾਸ ਰਚਿਆ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਸੋਚ, ਹਿੰਮਤ ਅਤੇ ਦੇਸ਼-ਭਗਤੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਸਿਟੀਜ਼ਨ ਰਕੇਸ਼ ਕੌਸਲ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ਭਗਤੀ ਭਰੇ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਵਿਚ ਹਾਜ਼ਰ ਲੋਕਾਂ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਜੀਐੱਸ ਸੇਠੀ, ਰੁਪਿੰਦਰ ਸਿੰਘ ਸਰਾਓ, ਹਰਪ੍ਰੀਤ ਸਿੰਘ, ਪੁਨੀਤ ਭਾਰਦਵਾਜ, ਸਵਰਨਜੀਤ ਸ਼ਰਮਾ, ਸ਼ਰਨਜੀਤ ਸਿੰਘ, ਸੱਤਪਾਲ ਸਿੰਘ ਘੁੰਮਣ, ਸੁਨੀਤਾ ਟਿੱਕੂ, ਸੁਖਵਿੰਦਰ ਕੌਰ, ਕਮਲਜੀਤ ਕੌਰ, ਜਸਵੰਤ ਸਿੰਘ ਲਹਿਰਾ, ਜੀਪੀਐੱਸ ਸੰਧੂ, ਵਾਸਦੇਵ ਸਿੰਗਲਾ, ਐਡਵੋਕੇਟ ਜਸਬੀਰ ਸਿੰਘ ਪੂਨੀਆ, ਚੋਬੇ ਸਾਹਿਬ, ਪਰਮਜੀਤ ਸਿੰਘ ਚੀਮਾ ਅਤੇ ਬਰਿੱਜ ਮੋਹਨ ਆਦਿ ਮੌਜੂਦ ਸਨ। ਅਖੀਰ ਵਿਚ ਸਮੂਹ ਰਿਹਾਇਸ਼ੀਆਂ ਵੱਲੋਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਯੋਗਦਾਨ ਪਾਉਣ ਦਾ ਸੰਕਲਪ ਲਿਆ ਗਿਆ।