ਨਾਜਾਇਜ਼ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਾਜਾਇਜ਼ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ,
Publish Date: Wed, 21 Oct 2026 08:59 PM (IST)
Updated Date: Wed, 21 Oct 2026 09:00 PM (IST)
ਦੋ ਦੇਸੀ ਕੱਟੇ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿਰੁੱਧ ਸ਼ਿਕੰਜਾ ਕੱਸਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਦੇਸੀ ਕੱਟੇ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹ ਕਾਰਵਾਈ ਐੱਸਐੱਸਪੀ ਵਰੁਣ ਸ਼ਰਮਾ ਦੀਆਂ ਹਦਾਇਤਾਂ ’ਤੇ ਨਸ਼ਿਆਂ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਅਭਿਆਨ ਤਹਿਤ ਅਮਲ ਵਿਚ ਲਿਆਂਦੀ ਗਈ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਅੰਬ ਸਾਹਿਬ ਕਾਲੋਨੀ ਅਤੇ ਜਗਤਪੁਰਾ ਦੇ ਖੇਤਰ ਵਿਚ ਸ਼ੱਕੀ ਵਿਅਕਤੀਆਂ ’ਤੇ ਨਿਗਰਾਨੀ ਲਈ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਗਈ ਸੀ। ਇਸੇ ਦੌਰਾਨ ਪੁਲਿਸ ਟੀਮ ਨੇ ਇੰਡਸਟਰੀਅਲ ਏਰੀਆ ਫੇਜ਼-9, ਮੁਹਾਲੀ ਵਿਖੇ ਰੇਲਵੇ ਸਟੇਸ਼ਨ ਕੱਟ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ ਇਕ ਦੇਸੀ ਕੱਟਾ ਪਿਸਤੌਲ (ਪੁਆਇੰਟ 32 ਬੋਰ) ਅਤੇ ਜੇਬ ’ਚੋਂ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਫੜੇ ਗਏ ਮੁਲਜ਼ਮ ਦੀ ਪਛਾਣ ਸੋਹਿਤ ਸਿੰਘ ਵਾਸੀ ਉੱਤਰ ਪ੍ਰਦੇਸ਼, ਹਾਲ ਵਾਸੀ ਪਿੰਡ ਕੰਬਾਲੀ, ਮੁਹਾਲੀ ਵਜੋਂ ਹੋਈ ਹੈ। ਦੂਜਾ ਸਾਥੀ ਵੀ ਅਸਲੇ ਸਮੇਤ ਨਾਮਜ਼ਦ ਮੁਲਜ਼ਮ ਸੋਹਿਤ ਸਿੰਘ ਵਿਰੁੱਧ ਥਾਣਾ ਫੇਜ਼-11, ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ। ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਸੋਹਿਤ ਦੇ ਸਾਥੀ ਨਿਤੀਸ਼ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਨਿਤੀਸ਼ ਸਿੰਘ ਦੀ ਨਿਸ਼ਾਨਦੇਹੀ ’ਤੇ ਉਸ ਪਾਸੋਂ ਵੀ ਇਕ ਹੋਰ ਦੇਸੀ ਕੱਟਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਡੂੰਘਾਈ ਨਾਲ ਤਫ਼ਤੀਸ਼ ਜਾਰੀ ਪੁਲਿਸ ਅਧਿਕਾਰੀਆਂ ਅਨੁਸਾਰ ਦੋਵਾਂ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਦੀ ਵਰਤੋਂ ਕਿਸ ਵਾਰਦਾਤ ਲਈ ਕੀਤੀ ਜਾਣੀ ਸੀ। ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਪੱਸ਼ਟ ਕੀਤਾ ਕਿ ਹਥਿਆਰਾਂ ਦੀ ਤਸਕਰੀ ਅਤੇ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਨੂੰ ਦੇਣ, ਜਾਣਕਾਰੀ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।