ਬਿਨਾਂ ਲਾਇਸੈਂਸ ਤੋਂ ਇੰਮੀਗ੍ਰੇਸ਼ਨ ਦਾ ਕੰਮ ਕਰਦੇ ਦੋ ਕਾਬੂ
ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕੰਮ ਕਰਦੇ ਦੋ ਕਾਬੂ
Publish Date: Thu, 11 Dec 2025 07:42 PM (IST)
Updated Date: Thu, 11 Dec 2025 07:42 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਫੇਜ਼-11 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਵਿਚ ਨਾਜਾਇਜ਼ ਤੌਰ ’ਤੇ ਬਿਨ੍ਹਾਂ ਲਾਇਸੈਂਸ ਤੋਂ ਇੰਮੀਗ੍ਰੇਸ਼ਨ ਦਾ ਕੰਮ ਕੀਤਾ ਜਾ ਰਿਹਾ ਸੀ। ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਹੁਕਮਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਫੇਸ 11 ਵਿਚ ਬੀਐੱਨਐੱਸ ਦੀ ਧਾਰਾ 318(4) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਨੀਤਿਨ ਵਾਸੀ ਪਿੰਡ ਕੈਂਬਵਾਲਾ, ਯੂਟੀ ਚੰਡੀਗੜ੍ਹ, ਮੋਹਿਤ ਵਾਸੀ ਪਿੰਡ ਇੰਦਪੁਰ, ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼, ਰਵੀ ਸਾਗਰ, ਪ੍ਰੇਮ ਸਾਗਰ ਅਤੇ ਜੋਤੀ ਆਦਿ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੋਟੀਆਂ ਰਕਮਾਂ ਠੱਗੀਆਂ ਜਾਂਦੀਆਂ ਸਨ ਅਤੇ ਇਨ੍ਹਾਂ ਵੱਲੋਂ ਫੇਸ 11 ਵਿਚ ਨਾਜਾਇਜ਼ ਤੌਰ ’ਤੇ ਬਿਨ੍ਹਾਂ ਲਾਇਸੈਂਸ ਤੋਂ ਨਿਊ ਪਾਥ ਇਮੀਗ੍ਰੇਸ਼ਨ ਦੇ ਨਾਮ ’ਤੇ ਇਮੀਗ੍ਰੇਸ਼ਨ ਦਾ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮੌਕੇ ’ਤੇ ਨਿਤਿਨ ਅਤੇ ਮੋਹਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂਕਿ ਬਾਕੀ ਦੋਸ਼ੀਆਨ ਦੀ ਗ੍ਰਿਫ਼ਤਾਰੀ ਬਾਕੀ ਹੈ। ਡੀਐੱਸਪੀ ਹਰਸਿਮਰਨ ਬੱਲ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਹ ਪਹਿਲਾਂ ਇਮੀਗ੍ਰੇਸ਼ਨ ਦੇ ਲਾਇਸੈਂਸ ਸਬੰਧੀ ਸਬੰਧਤ ਥਾਣੇ ਤੋਂ ਜਾਣਕਾਰੀ ਹਾਸਲ ਕਰਕੇ ਹੀ ਕਿਸੇ ’ਤੇ ਭਰੋਸਾ ਕਰਨ ਤਾਂ ਜੋ ਠੱਗੀ ਤੋਂ ਬਚਿਆ ਜਾ ਸਕੇ।