ਕਿੱਲੋ ਅਫ਼ੀਮ ਸਣੇ 2 ਨਸ਼ਾ ਤਸਕਰ ਕਾਬੂ
ਨਾਕਾਬੰਦੀ ਦੌਰਾਨ ਇਕ ਕਿੱਲੋ ਅਫ਼ੀਮ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Publish Date: Sun, 08 Feb 2026 07:11 PM (IST)
Updated Date: Sun, 08 Feb 2026 07:14 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਖੇਤਰ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਡੇਰਾਬੱਸੀ ਬੱਸ ਅੱਡੇ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਲਾਲੜੂ ਸਾਈਡ ਤੋਂ ਆ ਰਹੀ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਚ ਦੋ ਵਿਅਕਤੀ ਸਵਾਰ ਸਨ। ਪੁਲਿਸ ਨੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ। ਪੁਲਿਸ ਨੇ ਦੋਵਾਂ ਤਸਕਰਾਂ ਨੂੰ ਮੌਕੇ ਤੇ ਹੀ ਹਿਰਾਸਤ ’ਚ ਲੈ ਲਿਆ। ਜਿਨ੍ਹਾਂ ਦੀ ਪਛਾਣ ਪਾਰਸ ਢਿੱਲੋਂ ਅਤੇ ਹਰਸ਼ਦੀਪ ਵਾਸੀ ਪਿੰਡ ਨਿਸੰਗ ਜ਼ਿਲ੍ਹਾ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਦੋਵੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਿਨ੍ਹਾਂ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਉਹ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਵਚਨਬੱਧ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।