ਜੇਐੱਨਐੱਨ, ਚੰਡੀਗੜ੍ਹ : ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਈ ਹੈ। ਭਾਜਪਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ 'ਚ ਪਾਰਟੀ ਨੇਤਾਵਾਂ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ 'ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਤੇ ਕੈਬਨਿਟ ਮੰਤਰੀ ਅਨੁਰਾਗ ਠਾਕੁਰ ਦੇ ਨਾਲ ਮੁਲਾਕਾਤ ਕੀਤੀ। ਨੱਡਾ ਹਿਮਾਚਲ ਪ੍ਰਦੇਸ਼ ਜਾਂਦੇ ਹੋਏ ਅੱਜ ਕੁਝ ਸਮੇਂ ਲਈ ਹਵਾਈ ਅੱਡੇ 'ਤੇ ਰੁਕੇ। ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਚੋਣ ਪ੍ਰਭਾਰੀ ਵਿਨੋਦ ਤਾਵੜੇ, ਕੌਮੀ ਉਪਪ੍ਰਧਾਨ ਸੌਦਾਨ ਸਿੰਘ, ਸਾਬਕਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ, ਪ੍ਰਦੇਸ਼ ਜਨਰਲ ਸਕੱਤਰ ਰਾਮਬੀਰ ਭੱਟੀ ਸਮੇਤ ਕਈ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਨਿਗਮ ਚੋਣਾਂ ਬਾਰੇ ਜਾਣਕਾਰੀ ਦਿੱਤੀ। ਸੂਦ ਨੇ ਕੌਮੀ ਪ੍ਰਧਾਨ ਨੂੰ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਚੋਣ ਪ੍ਰਚਾਰ ਦੀ ਰਣਨੀਤੀ 'ਤੇ ਵੀ ਵਿਚਾਰ ਵਟਾਂਦਰਾ ਕੀਤਾ। ਨੱਡਾ ਨੇ ਪਾਰਟੀ ਆਗੂਆਂ ਦੇ ਨਾਲ ਸਟਾਰ ਪ੍ਰਚਾਰਕਾਂ ਤੇ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀਆਂ ਚੋਣ ਜਨ ਸਭਾਵਾਂ ਬਾਰੇ ਵੀ ਜਾਣਕਾਰੀ ਲਈ।