- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਦੌਰਾਨ ਭਾਜਪਾ ਦੇ ਕੌਮੀ ਜਨਰਲ ਸੱਕਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਪੰਥ ਦੀ ਸਰਬਉੱਚ ਸੰਸਥਾ ਦੇ ਹੁਕਮ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇਮਾਨਦਾਰੀ, ਨਿਮਰਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਦੀ ਮੰਗ ਕਰਦਾ ਹੈ।

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕੋਈ ਵੀ ਸਿੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਦੋਂ ਤੱਕ ਨਾ ਕੋਈ ਮੀਟਿੰਗ ਕਰੇਗਾ ਤੇ ਨਾ ਹੀ ਮਿਲੇਗਾ, ਜਦੋਂ ਤੱਕ ਉਹ ਅਕਾਲ ਤਖ਼ਤ ਵੱਲੋਂ ਸੋਮਵਾਰ ਨੂੰ ਦਿੱਤੇ ਗਏ ਹੁਕਮ ਨੂੰ ਮੰਨ ਕੇ ਮਾਫ਼ੀ ਨਹੀਂ ਮੰਗ ਲੈਂਦੇ। ਮੰਗਲਵਾਰ ਨੂੰ ਪੰਜਾਬ ਭਾਜਪਾ ਮੁੱਖ ਦਫ਼ਤਰ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਰੇ ਸਿੱਖਾਂ ਲਈ ਸਰਬਉੱਚ ਸੰਸਥਾ ਹੈ। ਇਸ ਲਈ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਬਿਆਨਬਾਜ਼ੀ ਕਰਨ ਜਾਂ ਟਕਰਾਅ ਦਾ ਰਸਤਾ ਅਪਣਾਉਣ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇੱਕ ਸੱਚੇ ਸਿੱਖ ਵਜੋਂ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਪੰਥ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਢਿੱਲੋਂ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਪੰਜਾਬ ਸਰਕਾਰ ’ਚ ਸ਼ਾਮਲ ਸਿੱਖ ਕੈਬਨਿਟ ਮੰਤਰੀਆਂ, ਆਈਏਐਸ, ਆਈਪੀਐਸ ਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਭਗਵੰਤ ਮਾਨ ਦਾ ਸਹਿਯੋਗ ਨਾ ਕਰਨ।
ਇਸੇ ਦੌਰਾਨ ਭਾਜਪਾ ਦੇ ਕੌਮੀ ਜਨਰਲ ਸੱਕਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਪੰਥ ਦੀ ਸਰਬਉੱਚ ਸੰਸਥਾ ਦੇ ਹੁਕਮ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇਮਾਨਦਾਰੀ, ਨਿਮਰਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਦੀ ਮੰਗ ਕਰਦਾ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਅਕਾਲ ਤਖ਼ਤ ਤੋਂ ਬੇਅਦਬੀ ਕਾਨੂੰਨ ਸਬੰਧੀ ਇਤਰਾਜ਼ਾਂ ਨੂੰ ਨਾ ਮੰਨਣ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ 29 ਜੂਨ ਨੂੰ ਸਪੱਸ਼ਟੀਕਰਨ ਲਈ ਤਲਬ ਕੀਤਾ ਹੈ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਵਿਰੋਧੀ ਤੇ ਗੁਰੂ ਵਿਰੋਧੀ ਕਰਾਰ ਦਿੰਦਿਆਂ ਸਿੱਖਾਂ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਤਾਂ ਮਹਾਰਾਜਾ ਰਣਜੀਤ ਸਿੰਘ ਨੇ ਵੀ ਨਹੀਂ ਟਾਲ਼ਿਆ : ਰੰਧਾਵਾ
ਦੂਜੇ ਪਾਸੇ, ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫ਼ੈਸਲਿਆਂ ਅਤੇ ਹੁਕਮਾਂ 'ਤੇ ਸਵਾਲ ਚੁੱਕਣ ਵਾਲਾ ਵਿਅਕਤੀ ਆਪਣੇ ਆਪ ਨੂੰ ਸੱਚਾ ਸਿੱਖ ਨਹੀਂ ਕਹਿ ਸਕਦਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਨਹੀਂ ਟਾਲਿਆ ਸੀ, ਫਿਰ ਮੁੱਖ ਮੰਤਰੀ ਭਗਵੰਤ ਮਾਨ ਇਸ ਫ਼ੈਸਲੇ 'ਤੇ ਸਵਾਲ ਕਿਵੇਂ ਉਠਾ ਸਕਦੇ ਹਨ।
ਰੰਧਾਵਾ ਨੇ ਕਿਹਾ ਕਿ ਇਹ ਸਹੀ ਹੈ ਕਿ ਐਸਜੀਪੀਸੀ ਲੰਮੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਭਾਵ ਹੇਠ ਰਹੀ ਹੈ, ਪਰ ਇਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਦੇ ਅਹੁਦੇ ਦੀ ਮਹੱਤਤਾ ਤੇ ਸਤਿਕਾਰ ਘੱਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚ ਮਾਨਤਾ ਹੈ ਤੇ ਹਰ ਹਾਲਤ ’ਚ ਇਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।