ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
Publish Date: Wed, 25 Feb 2026 12:38 PM (IST)
Updated Date: Wed, 25 Feb 2026 12:40 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਭਰਾ ਨੂੰ ਮਿਲਣ ਗਿਆ ਸੀ, ਤਾਂ ਮੁਲਜ਼ਮ ਏਐਸਆਈ ਨੇ ਉਸਨੂੰ ਆਪਣੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਦੇਣ ਲਈ ਮੌਕੇ 'ਤੇ 10,000/- ਰੁਪਏ ਦੀ ਰਿਸ਼ਵਤ ਲਈ।
ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ਨਾ ਦਿਵਾਉਣ ਦੇ ਬਦਲੇ ਐਸਐਚਓ ਦੇ ਨਾਮ 'ਤੇ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਦੀ ਮੰਗ ਸੰਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕੀਤੀ ਗਈ।
ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।