ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ : ਡਾ. ਸੰਗੀਤਾ ਜੈਨ
ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ : ਡਾ. ਸੰਗੀਤਾ ਜੈਨ
Publish Date: Mon, 23 Feb 2026 05:44 PM (IST)
Updated Date: Mon, 23 Feb 2026 05:46 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ’ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਵੱਖ-ਵੱਖ ਥਾਈਂ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਗੁਣਵੱਤਾਪੂਰਨ ਦੇਖਭਾਲ ਪ੍ਰਦਾਨ ਕਰਨਾ ਹੈ ਅਤੇ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ ਹੈ। ਜੇਕਰ ਗਰਭਵਤੀ ਔਰਤਾਂ ਖ਼ਾਸ ਕਰ ਕੇ ਹਾਈਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਨੂੰ ਕਾਫ਼ੀ ਹੱਦ ਤਕ ਘਟਾਇਆ ਜਾ ਸਕਦਾ ਹੈ। ਮਾਤਰੀ ਮੌਤ ਦਰ ਘਟਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏਐੱਨਸੀ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਹਰ ਮਹੀਨੇ ਦੀ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ ਤੇ ਹਾਈਰਿਸਕ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ। ਡਾ. ਸੰਗੀਤਾ ਜੈਨ ਨੇ ਲੋੜਵੰਦਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।