ਪਿੰਡ ਵਾਸੀਆਂ ਨੇ ਦੋ ਨਸ਼ਾ ਤਸਕਰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤੇ, ਕੇਸ ਦਰਜ
ਪਿੰਡ ਵਾਸੀਆਂ ਨੇ ਦੋ ਨਸ਼ਾ ਤਸਕਰ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ, ਕੇਸ ਦਰਜ
Publish Date: Mon, 18 May 2026 10:12 PM (IST)
Updated Date: Mon, 18 May 2026 10:15 PM (IST)

ਜੇਐੱਸ ਕਲੇਰ, ਪੰਜਾਬੀ ਜਾਗਰਣ ਜ਼ੀਰਕਪੁਰ : ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਜ਼ੀਰਕਪੁਰ ਦੇ ਨਜ਼ਦੀਕੀ ਪਿੰਡ ਭਬਾਤ ਦੇ ਵਸਨੀਕਾਂ ਨੇ ਮੁਸ਼ਤੈਦੀ ਦਿਖਾਉਂਦਿਆਂ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 13 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੂੰ ਕਾਫ਼ੀ ਸਮੇਂ ਤੋਂ ਇਲਾਕੇ ਵਿਚ ਨਸ਼ਾ ਤਸਕਰੀ ਹੋਣ ਦਾ ਸ਼ੱਕ ਸੀ। ਇਸ ਦੌਰਾਨ ਕੁਝ ਲੋਕਾਂ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਘੇਰ ਕੇ ਉਨ੍ਹਾਂ ਦੀ ਤਲਾਸ਼ੀ ਲਈ, ਜਿਸ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਤੋਂ ਬਾਅਦ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੋਵਾਂ ਨੂੰ ਤੁਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ। ਥਾਣਾ ਜ਼ੀਰਕਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਤੋਂ ਸੂਚਨਾ ਮਿਲਣ ਮਗਰੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਿਕ ਮੁਲਜ਼ਮਾਂ ਦਾ ਮੈਡੀਕਲ ਅਤੇ ਡੋਪ ਟੈਸਟ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਵਰਤੋਂ ਸਬੰਧੀ ਹੋਰ ਜਾਣਕਾਰੀ ਮਿਲ ਸਕੇ। ਥਾਣਾ ਮੁਖੀ ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਕਿਸ-ਕਿਸ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।