ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮਨਾਇਆ ਦੁਸ਼ਹਿਰਾ
Publish Date: Tue, 20 Oct 2026 06:20 PM (IST)
Updated Date: Tue, 20 Oct 2026 06:21 PM (IST)
-ਆਉਣ ਵਾਲੇ ਦਿਨਾਂ ’ਚ ਸੰਘਰਸ਼ ਤੇਜ਼ ਕਰਨ ਤੇ ਗੁਪਤ ਐਕਸ਼ਨ ਦਾ ਐਲਾਨ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਐੱਨਐੱਸਕਿਊਐੱਫ਼ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਲਗਾਇਆ ਗਿਆ ਪੱਕਾ ਮੋਰਚਾ ਮੰਗਲਵਾਰ ਨੂੰ 12ਵੇਂ ਦਿਨ ’ਚ ਦਾਖ਼ਲ ਹੋ ਗਿਆ, ਲੇਕਿਨ ਹੁਣ ਤੱਕ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਦੇ ਰੋਸ ਵਜੋਂ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਦੁਸਹਿਰਾ ਮਨਾਇਆ ਅਤੇ ਹੁਕਮਰਾਨਾਂ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਖ਼ਿਲਾਫ਼ ਪਿੱਟ ਸਿਆਪਾ ਕੀਤਾ। ਬੁਲਾਰਿਆਂ ਨੇ ਐਲਾਨ ਕੀਤਾ ਕਿ ਕੁੰਭਕਰਨ ਦੀ ਨੀਂਦ ’ਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਆਉਣ ਵਾਲੇ ਦਿਨਾਂ ’ਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਸੂਬਾ ਕਮੇਟੀ ਦੇ ਆਗੂ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੂਪਨਗਰ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ, ਹੇਮੰਤ ਡੰਗਵਾਲ ਪਟਿਆਲਾ, ਵਰਿੰਦਰ ਸਿੰਘ ਪਟਿਆਲਾ, ਨਵਨੀਤ ਕੌਰ ਪਟਿਆਲਾ, ਰੁਪਿੰਦਰ ਸਿੰਘ ਮੁਹਾਲੀ ਅਤੇ ਹੋਰਨਾਂ ਵੋਕੇਸ਼ਨਲ ਅਧਿਆਪਕਾਂ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪਿਛਲੀ ਲੰਬੇ ਸਮੇਂ ਤੋਂ ਟਾਲ-ਮਟੋਲ ਅਤੇ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ। ਜਿਸ ਕਾਰਨ ਵੋਕੇਸ਼ਨਲ ਅਧਿਆਪਕਾਂ ’ਚ ਭਾਰੀ ਰੋਸ ਹੈ ਅਤੇ ਉਨ੍ਹਾਂ ਲਾਰਿਆਂ ਤੋਂ ਤੰਗ ਆ ਕੇ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਸਰਕਾਰ ਨਾਲ ਮੰਗਾਂ ਬਾਬਤ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਲੇਕਿਨ ਹੁਣ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੱਕਾ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਬੁੱਧਵਾਰ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ’ਚ ਜੇਕਰ ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ ਤਾਂ 23 ਅਕਤੂਬਰ ਨੂੰ ਸਿੱਖਿਆ ਭਵਨ ਦੇ ਬਾਹਰ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਵੱਡੇ ਕਾਫ਼ਲੇ ਦੇ ਰੂਪ ’ਚ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵੋਕੇਸ਼ਨਲ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਿੱਖਿਆ ਵਿਭਾਗ ’ਚ ਮਰਜ ਕਰਕੇ ਅਤੇ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਭਗਵੰਤ ਮਾਨ ਤੋਂ ਵੱਡੀਆਂ ਆਸਾਂ ਸਨ ਪ੍ਰੰਤੂ ਸਾਢੇ ਚਾਰ ਸਾਲਾਂ ’ਚ ਸਰਕਾਰ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 3720 ਵੋਕੇਸ਼ਨਲ ਅਧਿਆਪਕ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤੇ ਗਏ ਸਨ, ਪ੍ਰੰਤੂ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਜਦੋਂਕਿ ਗੁਆਂਢੀ ਸੂਬੇ ਹਰਿਆਣੇ ’ਚ ਵੋਕੇਸ਼ਨਲ ਅਧਿਆਪਕਾਂ ਨੂੰ ਵੱਧ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ।