ਵੋਕੇਸ਼ਨਲ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ, ਮੋਮਬੱਤੀ ਮਾਰਚ ਕੱਢਿਆ ਵੋਕੇਸ਼ਨਲ ਅਧਿਆਪਕਾਂ ਦਾ ਪੱਕਾ ਮੋਰਚਾ ਜਾਰੀ, ਮੋਮਬੱਤੀ ਮਾਰਚ ਕੱਢਿਆ
Publish Date: Fri, 16 Oct 2026 09:43 PM (IST)
Updated Date: Fri, 16 Oct 2026 09:45 PM (IST)
-ਸਰਕਾਰ ਤੇ ਅਫ਼ਸਰਸ਼ਾਹੀ ਵੋਕੇਸ਼ਨਲ ਅਧਿਆਪਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਐੱਨਐੱਸਕਿਊਐੱਫ਼ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਲਗਾਇਆ ਗਿਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ ਨੌਵੇਂ ਦਿਨ ’ਚ ਦਾਖ਼ਲ ਹੋ ਗਿਆ, ਲੇਕਿਨ ਹੁਣ ਤੱਕ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਨੇ ਉਨ੍ਹਾਂ ਨਾਲ ਗੱਲ ਕਰਨੀ ਵੀ ਜ਼ਰੂਰੀ ਨਹੀਂ ਸਮਝੀ। ਜਿਸ ਦੇ ਰੋਸ ਵਜੋਂ ਅੱਜ ਟ੍ਰੈਫ਼ਿਕ ਲਾਈਟ ਚੌਕ ਫੇਜ਼-7 ਤੱਕ ਸ਼ਾਂਤਮਈ ਤਰੀਕੇ ਨਾਲ ਮੋਮਬੱਤੀ ਮਾਰਚ ਕੱਢ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਰੂਪਨਗਰ, ਰੁਪਿੰਦਰ ਸਿੰਘ ਮੁਹਾਲੀ, ਸੰਦੀਪ ਕੁਮਾਰ, ਜਕਸਕਰਨ ਸਿੰਘ, ਚਰਨਜੀਤ, ਸਿਮਰਨਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਵੀਰ, ਅਮਰਿੰਦਰ ਸਿੰਘ, ਸਰਬਜੀਤ, ਮਨਦੀਪ ਕੌਰ, ਸੁਮਨ ਰਾਣੀ, ਸੀਮਾ ਰਾਣੀ, ਭੁਪਿੰਦਰ ਕੌਰ, ਅਮੀਨਾ, ਅਮਨਦੀਪ ਕੌਰ ਅਤੇ ਹੋਰਨਾਂ ਨੇ ਕਿਹਾ ਕਿ ਜੇਕਰ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰਨ ’ਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ’ਚ ਵੱਡੇ ਪੱਧਰ ’ਤੇ ਸੰਘਰਸ਼ ਤੇਜ਼ ਕੀਤਾ ਜਾਵੇ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਉਨ੍ਹਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ, ਸਗੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਫੌਰੀ ਪ੍ਰਵਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਅਨੇਕਾਂ ਮੀਟਿੰਗਾਂ ਉਪਰੰਤ ਵੀ ਸਰਕਾਰਾਂ ਨੇ ਮਸਲੇ ਦਾ ਹੱਲ ਨਹੀਂ ਕੀਤਾ। ਉਨ੍ਹਾਂ ਨੂੰ ਭਗਵੰਤ ਮਾਨ ਤੋਂ ਵੱਡੀਆਂ ਆਸਾਂ ਸਨ ਪ੍ਰੰਤੂ ਪਿਛਲੇ ਸਾਢੇ ਸਾਲਾਂ ’ਚ ਸਰਕਾਰ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ। ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 3720 ਵੋਕੇਸ਼ਨਲ ਅਧਿਆਪਕ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤੇ ਗਏ ਸਨ, ਪ੍ਰੰਤੂ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਜਦੋਂਕਿ ਗੁਆਂਢੀ ਸੂਬੇ ਹਰਿਆਣੇ ਵਿਚ ਵੋਕੇਸ਼ਨਲ ਅਧਿਆਪਕਾਂ ਨੂੰ ਵੱਧ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ’ਚ ਆਉਣ ਵਾਲੇ ਨਹੀਂ ਹਨ, ਬਲਕਿ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਜਾਣਗੇ।