ਨਸ਼ਿਆਂ ਖ਼ਿਲਾਫ਼ ਜੰਗ ਹੋਈ ਤੇਜ਼: ਕੈਬਨਿਟ ਮੰਤਰੀ ਚੀਮਾ ਦਾ ਵੱਡਾ ਬਿਆਨ, ਕਿਹਾ- 'ਸੂਰਮਾ' ਮੁਹਿੰਮ ਬਣ ਰਹੀ ਹੈ ਵੱਡੀ ਲੋਕ ਲਹਿਰ ਦੈਨਿਕ ਜਾਗਰਣ ਵੱਲੋਂ ਕਰਵਾਏ ਗਏ ਦੋ ਰੋਜ਼ਾ ਕ੍ਰਿਏਟਰ ਲੈਂਸ ਸਮਿਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਸੂਰਮਾ' ਮੁਹਿੰਮ ਨਸ਼ਿਆਂ ਖ਼ਿਲਾਫ਼ ਲੋਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਸ਼ੇ ਦੀ ਲਤ ਤੋਂ ਬਾਹਰ ਆਏ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਾਉਣਾ ਹੈ।
Publish Date: Sat, 01 Aug 2026 09:13 AM (IST)
Updated Date: Sat, 01 Aug 2026 09:14 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ : ਦੈਨਿਕ ਜਾਗਰਣ ਵੱਲੋਂ ਕਰਵਾਏ ਗਏ ਦੋ ਰੋਜ਼ਾ ਕ੍ਰਿਏਟਰ ਲੈਂਸ ਸਮਿਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਸੂਰਮਾ' ਮੁਹਿੰਮ ਨਸ਼ਿਆਂ ਖ਼ਿਲਾਫ਼ ਲੋਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਸ਼ੇ ਦੀ ਲਤ ਤੋਂ ਬਾਹਰ ਆਏ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਾਉਣਾ ਹੈ।
ਚੀਮਾ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਚੁੱਕੇ ਹਨ, ਉਹ ਹੁਣ ਦੂਜੇ ਨੌਜਵਾਨਾਂ ਨੂੰ ਵੀ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ, ਪਰਿਵਾਰ ਅਤੇ ਨੌਜਵਾਨਾਂ ਦੀ ਸਾਂਝੀ ਭਾਗੀਦਾਰੀ ਨਾਲ ਹੀ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਥਾਈ ਸਫ਼ਲਤਾ ਮਿਲ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀ ਨੂੰ ਇਕੱਲਾ ਨਾ ਛੱਡਿਆ ਜਾਵੇ, ਸਗੋਂ ਉਸ ਦਾ ਸਾਥ ਦੇ ਕੇ ਆਮ ਜ਼ਿੰਦਗੀ ਵੱਲ ਵਾਪਸ ਲਿਆਂਦਾ ਜਾਵੇ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਨਮਾਨ ਦੇਣਾ ਅਤੇ ਉਨ੍ਹਾਂ ਨੂੰ ਬਦਲਾਅ ਦਾ ਚਿਹਰਾ ਬਣਾਉਣਾ ਹੈ। ਸਰਕਾਰ ਮੁੜ ਵਸੇਬੇ, ਕਾਊਂਸਲਿੰਗ ਅਤੇ ਰੁਜ਼ਗਾਰ ਵਰਗੇ ਸਾਧਨਾਂ ਰਾਹੀਂ ਵੀ ਉਨ੍ਹਾਂ ਦੀ ਮਦਦ ਕਰ ਰਹੀ ਹੈ, ਤਾਂ ਜੋ ਉਹ ਆਤਮਵਿਸ਼ਵਾਸ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।
ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਮੁਕਤੀ ਮਿਲਣ ਨਾਲ ਪਰਿਵਾਰ ਮੁੜ ਇਕੱਠੇ ਹੁੰਦੇ ਹਨ, ਸਮਾਜ ਦਾ ਭਰੋਸਾ ਬਹਾਲ ਹੁੰਦਾ ਹੈ ਅਤੇ ਨੌਜਵਾਨ ਆਪਣੀ ਊਰਜਾ ਸਕਾਰਾਤਮਕ ਕੰਮਾਂ ਵਿੱਚ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ, ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਨੂੰ ਵੀ ਨਸ਼ਾ-ਮੁਕਤ ਪੰਜਾਬ ਦੇ ਟੀਚੇ ਨਾਲ ਜੋੜ ਕੇ ਅੱਗੇ ਵਧਾ ਰਹੀ ਹੈ।