ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਲੁਧਿਆਣਾ ਦੇ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਦੀ ਉਸਾਰੀ ਦਾ ਵਿਰੋਧ ਕੀਤਾ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਦੇ ਹੱਕ ਵਿੱਚ ਨਜ਼ਰ ਆਏ। ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਲਈ ਜਾਣ ਵਾਲੀ ਜ਼ਮੀਨ ਬਾਰੇ ਵੀ ਸਦਨ ਨੂੰ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ 'ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ' ਵਿਚ ਕਿਸੇ ਵੀ ਤਰ੍ਹਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਨ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

ਮੰਗਲਵਾਰ ਨੂੰ ਸਦਨ ਵਿਚ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਧਿਆਨ ਦਿਵਾਊ ਨੋਟਿਸ ਪੇਸ਼ ਕਰਦੇ ਹੋਏ ਮੱਤੇਵਾੜਾ (ਲੁਧਿਆਣਾ) ਸਤੁਲਜ ਦਰਿਆ ਦੇ ਨਜ਼ਦੀਕ ਫੋਕਲ ਪੁਆਇੰਟ ਲਗਾਉਣ ਦਾ ਮਾਮਲਾ ਧਿਆਨ ਵਿਚ ਲਿਆਂਦਾ। ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀਐੱਮ ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐੱਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪੋ੍ਜੈਕਟ ਕੇਂਦਰ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਨ ਪ੍ਰਵਾਨਗੀਆਂ ਅਤੇ ਮਾਪਦੰਡਾਂ ਅਨੁਸਾਰ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਨ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਰੋਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿਚ ਜ਼ਮੀਨ ਦੀ ਸ਼ਨਾਖਤ ਕਰ ਲਈ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜ੍ਹੀ ਫਜ਼ਲ, ਹੈਦਰ ਨਗਰ ਅਤੇ ਗਰਚਾ ਵਿਚ ਕੁੱਲ 463.4 ਏਕੜ ਸਰਕਾਰੀ ਜ਼ਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜ਼ੇਸ਼ਨ ਆਫ ਵੈਕੇਂਟ ਗੌਰਮਿੰਟ ਲੈਂਡ (ਓਯੂਵੀਜੀਐੱਲ) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੇਲਕਿਆਨਾ ਅਤੇ ਸਲੇਮਪੁਰ ਵਿਚ 493.99 ਏਕੜ ਪੰਚਾਇਤੀ ਜ਼ਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੁੱਡਾ ਨੇ 957.39 ਏਕੜ ਜ਼ਮੀਨ ਐਕਵਾਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜ਼ਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਹ ਹੜ੍ਹਾਂ ਵਾਲਾ ਇਲਾਕਾ ਹੈ। ਉਥੇ ਲੋਕਾਂ ਨੇ ਵਿਰੋਧ ਵੀ ਕੀਤਾ ਹੈ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾ, 'ਆਪ' ਵਿਧਾਇਕ ਅਮਨ ਅਰੋੜਾ ਆਦਿ ਸਾਰਿਆਂ ਨੇ ਇਸ ਜਗ੍ਹਾ ਦਾ ਦੌਰਾ ਕੀਤਾ ਅਤੇ ਇਸ ਦਾ ਵਿਰੋਧ ਕੀਤਾ। ਮੇਰੇ ਕੋਲ ਇਸ ਦੀਆਂ ਵੀਡੀਓਜ਼ ਹਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਨੂੰ ਵਾਤਾਵਰਨ ਬਚਾਉਣ ਦਾ ਹਵਾਲਾ ਦਿੰਦੇ ਹੋਏ ਮੱਤੇਵਾੜਾ ਦਾ ਜੰਗਲੀ ਏਰੀਆ ਵਿਚ ਇਹ ਪੋ੍ਜੈਕਟ ਨਾ ਲਗਾਉਣ ਦੀ ਅਪੀਲ ਕੀਤੀ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਆਪ ਵਿਧਾਇਕ ਵਿਰੋਧੀ ਧਿਰ ਵਿਚ ਹੁੰਦੇ ਹੋਏ ਮੱਤੇਵਾੜਾ ਜੰਗਲ ਬਚਾਉਣ ਦੀਆਂ ਗੱਲਾਂ ਕਰਦੇ ਰਹੇ ਹਨ।