ਸੇਵਾਮੁਕਤ ਮੁਲਾਜ਼ਮਾਂ ਦੀ ਹੋਈ ਭਰਵੀਂ ਬੈਠਕ ਸੇਵਾਮੁਕਤ ਮੁਲਾਜ਼ਮਾਂ ਦੀ ਹੋਈ ਭਰਵੀਂ ਬੈਠਕ
Publish Date: Thu, 29 Oct 2026 09:42 PM (IST)
Updated Date: Thu, 29 Oct 2026 09:43 PM (IST)
ਭੁਪਿੰਦਰ ਸਿੰਘ ਮਲਿਕ, ਪੰਜਾਬੀ ਜਾਗਰਣ ਚੰਡੀਗੜ੍ਹ : ਦੇਸ਼ ਵਿਚ ਸਧਾਰਨ ਬੀਮਾ ਖੇਤਰ ਦੀ ਪ੍ਰਮੁੱਖ ਕੰਪਨੀ ਨੈਸ਼ਨਲ ਇੰਨਸ਼ੋਰੈਂਸ ਦੇ ਰਿਟਾਇਰਡ ਕਰਮਚਾਰੀਆਂ ਦੀ ਇਕ ਭਰਵੀਂ ਕਾਨਫਰੰਸ ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਜਥੇਬੰਦੀ ਦਾ ਮੁੱਖ ਉਦੇਸ਼ ਰਿਟਾਇਰ ਹੋਏ ਮੁਲਾਜ਼ਮਾਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਹੈ ਤਾਂ ਕਿ ਉਮਰ ਦੇ ਇਸ ਪੜਾਅ ’ਤੇ ਉਨ੍ਹਾਂ ਨੂੰ ਆਪਣੀਆਂ ਸਹੂਲਤਾਂ ਵਾਸਤੇ ਕੋਈ ਜੱਦੋ-ਜਹਿਦ ਨਾ ਕਰਨੀ ਪਵੇ। ਆਪਣੇ ਸੰਬੋਧਨ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਆਖਿਆ ਕਿ ਆਪਣੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਨੈਸ਼ਨਲ ਇੰਸ਼ੋਰੈਂਸ ਕਰਮਚਾਰੀਆਂ ਨੂੰ ਦਰਪੇਸ਼ ਹਰ ਮੁਸ਼ਕਲ ਦੇ ਸੰਭਾਵੀ ਹੱਲ ਵਾਸਤੇ ਇਹ ਜਥੇਬੰਦੀ ਦ੍ਰਿੜ ਇਰਾਦੇ ਨਾਲ ਆਪਣੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਮਾਨਸਿਕ ਦੋਹਾਂ ਪੱਖਾਂ ਤੋਂ ਤੰਦਰੁਸਤੀ ਦੀ ਆਪਣੀ ਅਹਿਮੀਅਤ ਹੈ। ਉਪ ਪ੍ਰਧਾਨ ਡਾ. ਅਮਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਨੂੰ ਆਪਣੀਆਂ ਸਹੂਲਤਾਂ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਮੁਸੀਬਤ ਵੇਲੇ ਉਨ੍ਹਾਂ ਨੂੰ ਕੋਈ ਮੁਹਥਾਜੀ ਨਾ ਹੋਵੇ। ਕਾਰਜਕਾਰਨੀ ਮੈਂਬਰ ਐੱਸਪੀ ਚੌਪੜਾ ਨੇ ਤਕਨੀਕੀ ਪੱਖਾਂ ਤੋਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜ਼ਿੰਦਗੀ ਕਦੇ ਰਿਟਾਇਰ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜੇ ਨਿਯਮਾਂ ਬਾਰੇ ਚੰਗੀ ਤਰ੍ਹਾਂ ਪਤਾ ਹੋਵੇ ਤਾਂ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਂਦੀ। ਇਸ ਮੌਕੇ ਹੋਰ ਕਰਮਚਾਰੀਆਂ ਮਨਮੋਹਨ ਸਿੰਘ ਕਲਸੀ ਅਤੇ ਯਸ਼ ਗੁਲਾਟੀ ਨੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ ਕਿ ਕਿਵੇਂ ਉਨ੍ਹਾਂ ਨੇ ਰਿਟਾਇਰਮੈਂਟ ਤੋਂ ਬਾਅਦ ਵੀ ਆਪਣਾ ਜਨੂੰਨ ਕਾਇਮ ਰੱਖਿਆ ਹੋਇਆ ਹੈ ਅਤੇ ਇਹ ਹੀ ਉਨ੍ਹਾਂ ਦੀ ਤਾਕਤ ਹੈ। ਰਾਕੇਸ਼ ਮੋਹਨ, ਅਸ਼ੋਕ ਗੁਪਤਾ ਸਮੇਤ ਹੋਰਨਾਂ ਨੇ ਵੀ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਸ਼ਮੂਲੀਅਤ ਕਰਨ ਵਾਲਿਆਂ ‘ਚੋਂ ਕੁਝ ਨੇ ਇਸ ਮੌਕੇ ਗੀਤ ਵੀ ਸੁਣਾਏ। ਮੰਚ ਸੰਚਾਲਨ ਕਰਦਿਆਂ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਪਰਾਲੇ ਆਉਂਦੇ ਸਮੇਂ ਵਿਚ ਵੀ ਜਾਰੀ ਰਹਿਣਗੇ।