ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ : ਗੋਲਡੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਭਰਵੀਂ ਬੈਠਕ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ : ਗੋਲਡੀ
Publish Date: Mon, 12 Oct 2026 09:04 PM (IST)
Updated Date: Mon, 12 Oct 2026 09:05 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਇੱਥੋਂ ਨੇੜਲੇ ਪਿੰਡ ਖਿਜ਼ਰਾਬਾਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਇਕ ਭਰਵੀਂ ਬੈਠਕ ਦਾ ਆਯੋਜਨ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਖਰੜ ਦੇ ਪਿੰਡਾਂ ਵਿਚ ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਬੰਧਤ ਆਗੂਆਂ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਯਤਨ ਕੀਤੇ ਜਾ ਸਕਦੇ ਹਨ। ਇਸ ਮੌਕੇ ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬਟੇਰਲਾ, ਸਾਬਕਾ ਸੰਮਤੀ ਮੈਂਬਰ ਸੰਦੀਪ ਕੌਰ, ਸਾਬਕਾ ਪੰਚ ਸੁਖਦੇਵ ਸਿੰਘ, ਪੰਚ ਰਣਜੀਤ ਸਿੰਘ, ਪੰਚ ਮਲਕੀਤ ਸਿੰਘ, ਮੁਸਲਮ ਵੈੱਲਫੇਅਰ ਦੇ ਪ੍ਰਧਾਨ ਸ਼ੇਰ ਖ਼ਾਨ, ਪੰਚ ਲਖਵੀਰ ਸਿੰਘ, ਪੰਚ ਹਰੀਸ਼, ਰਜਿੰਦਰ ਸਿੰਘ ਥਾਣਾ ਗੋਬਿੰਦਗੜ੍ਹ, ਪੰਚ ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਸਾਬਕਾ ਪੰਚ ਸੋਨੂੰ ਅਤੇ ਪੰਚ ਕਿੰਦਾ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।