ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ
ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ, ਇਕ ਦਿਨ ’ਚ 2954 ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ
Publish Date: Tue, 14 Apr 2026 08:00 PM (IST)
Updated Date: Wed, 15 Apr 2026 04:15 AM (IST)

ਇਕ ਦਿਨ ’ਚ 2954 ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਚ ਇਕ ਦਿਨ ਵਿਚ ਰਿਕਾਰਡ 2954 ਮੀਟਰਿਕ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤਰ੍ਹਾਂ ਮੁਹਾਲੀ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 12226 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚ 1490 ਮੀਟਰਿਕ ਟਨ ਕਣਕ ਦੀ ਢੁਆਈ ਕਰਕੇ ਗੁਦਾਮਾਂ ਵਿਚ ਭੰਡਾਰ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਲਏ ਗਏ ਸੈਂਪਲਾਂ ਦਾ ਵਿਸ਼ਲੇਸ਼ਣ ਭਾਰਤੀ ਖਾਦ ਨਿਗਮ ਦੇ ਖੇਤਰੀ ਦਫ਼ਤਰ ਦੀ ਚੰਡੀਗੜ੍ਹ ਲੈਬਾਰਟਰੀ ਵਿਚ ਕੀਤਾ ਗਿਆ। ਇਸ ਵਿਸ਼ਲੇਸ਼ਣ ਦਾ ਨਤੀਜਾ ਕੱਲ੍ਹ ਤੱਕ ਆਉਣ ਦੀ ਉਮੀਦ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਫ਼ਸਰਾਂ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਲਗਾਤਾਰ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਖ਼ਰੀਦ ਏਜੰਸੀਆਂ ਦੇ ਨਿਰੀਖਕਾਂ ਨੂੰ ਖ਼ਰੀਦ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਵਿਚਾਰ ਕੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ ਆਮਦ ਦਾ ਵੱਡਾ ਹਿੱਸਾ ਖ਼ਰੀਦ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੇਚੀ ਗਈ ਫ਼ਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਸਰਕਾਰ ਦੇ ਸੰਕਲਪ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਵਰਿੰਦਰ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।