ਡੱਡੂਮਾਜਰਾ ਦਾ ਕੂੜਾ ਪੰਜਾਬ ’ਚ ਸੁੱਟੇ ਜਾਣ ’ਤੇ ਬੀਜੇਪੀ ਆਗੂ ਚੁੱਪ ਕਿਉਂ : ਡਾ. ਸੰਨੀ ਸਿੰਘ ਆਹਲੂਵਾਲੀਆ
ਡੱਡੂਮਾਜਰਾ ਦਾ ਕੂੜਾ ਪੰਜਾਬ ਵਿਚ ਸੁੱਟੇ ਜਾਣ ’ਤੇ ਬੀਜੇਪੀ ਆਗੂਆਂ ਦੀ ਚੁੱਪੀ ਕਿਉਂ? : ਡਾ. ਸੰਨੀ ਸਿੰਘ ਆਹਲੂਵਾਲੀਆ,
Publish Date: Sun, 11 Jan 2026 07:38 PM (IST)
Updated Date: Sun, 11 Jan 2026 07:39 PM (IST)

ਚੰਡੀਗੜ੍ਹ ਦੇ ਪ੍ਰਸ਼ਾਸਕ ਮਾਮਲੇ ’ਚ ਕਰਨ ਸਖ਼ਤ ਤੋਂ ਸਖ਼ਤ ਕਾਰਵਾਈ ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਸ਼ੁੱਕਰਵਾਰ ਦੇਰ ਰਾਤ ਚੰਡੀਗੜ੍ਹ ਦੇ ਡੱਡੂਮਾਜਰਾ ਡੰਪਿੰਗ ਗਰਾਊਂਡ ਤੋਂ 12 ਤੋਂ ਵੱਧ ਟਿੱਪਰਾਂ (ਟਰੱਕਾਂ) ਰਾਹੀਂ ਕੂੜਾ ਭਰ ਕੇ ਨਿਊ ਚੰਡੀਗੜ੍ਹ ਵਿਚ ਪੈਂਦੇ ਪਿੰਡ ਪਲਹੇੜੀ ਦੇ ਨੇੜੇ ਸੁੱਟੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੰਜਾਬ ਪੁਲਿਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ 5 ਟਿੱਪਰ ਕਾਬੂ ਕਰ ਕੇ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਆਪ ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਆਪ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਯਾਦਵ, ਆਪ ਚੰਡੀਗੜ੍ਹ ਦੇ ਜਨਰਲ ਸਕੱਤਰ ਓਂਕਾਰ ਸਿੰਘ ਔਲਖ ਅਤੇ ਆਪ ਆਗੂ ਕੁਲਦੀਪ ਸਿੰਘ ਵੱਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ। ਡਾ. ਆਹਲੂਵਾਲੀਆ ਨੇ ਕਿਹਾ ਕਿ ਇਸ ਮਾਮਲੇ ਨੂੰ ਸਾਹਮਣੇ ਆਏ 48 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਬੀਜੇਪੀ ਆਗੂਆਂ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸੇ ਬੀਜੇਪੀ ਆਗੂ ਨੇ ਇਸ ਗ਼ੈਰ-ਕਾਨੂੰਨੀ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਕੋਈ ਮੰਗ ਕੀਤੀ ਗਈ ਹੈ। ਉਨ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਡਾ. ਆਹਲੂਵਾਲੀਆ ਨੇ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਡੱਡੂਮਾਜਰਾ ਡੰਪਿੰਗ ਗਰਾਊਂਡ ਵਿਚ ਪਏ ਕੂੜੇ ਨੂੰ ਖ਼ਤਮ ਕਰਨ ਲਈ ਕਰੋੜਾਂ ਰੁਪਏ ਦੇ ਟੈਂਡਰ ਦਿੱਤੇ ਗਏ ਹਨ। ਕਈ ਵਾਰ ਕੂੜਾ ਨਿਪਟਾਰਾ ਕਰਨ ਦੀ ਮਿਆਦ ਵੀ ਖ਼ਤਮ ਹੋ ਚੁੱਕੀ ਹੈ, ਪਰ ਅਜੇ ਤੱਕ ਕੂੜੇ ਦੇ ਪਹਾੜ ਜਿਉਂ ਦੇ ਤਿਉਂ ਖੜ੍ਹੇ ਹਨ। ਹੁਣ ਇਸ ਘਟਨਾ ਤੋਂ ਇਹ ਸਪਸ਼ਟ ਹੁੰਦਾ ਹੈ, ਕਿ ਚੰਡੀਗੜ੍ਹ ਵਾਸੀਆਂ ਦੇ ਕਰੋੜਾਂ ਰੁਪਏ ਰਾਜਨੀਤਿਕ ਸਰਪ੍ਰਸਤੀ ਹੇਠ ਕੁੱਝ ਲੋਕਾਂ ਦੀਆਂ ਜੇਬਾਂ ਵਿਚ ਪਾਏ ਜਾ ਰਹੇ ਹਨ ਅਤੇ ਜਨਤਾ ਨਾਲ ਸਿੱਧਾ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਕੂੜਾ ਪੰਜਾਬ ਵਿਚ ਸੁੱਟਣਾ ਕੋਈ ਆਮ ਗੱਲ ਨਹੀਂ ਹੈ। ਇਸ ਨਾਲ ਪੰਜਾਬ ਵਾਸੀਆਂ ਦੀ ਸਿਹਤ ਨਾਲ ਵੀ ਗੰਭੀਰ ਖਿਲਵਾੜ ਹੋ ਰਿਹਾ ਹੈ। ਅਜਿਹਾ ਕੰਮ ਕਿਸੇ ਰਾਜਨੀਤਿਕ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੇ ਨਾਮ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਖ਼ਿਲਾਫ਼ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਭਵਿੱਖ ਵਿਚ ਮਿਸਾਲ ਬਣੇ। ਇਸ ਮੌਕੇ ਆਪ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਯਾਦਵ ਨੇ ਕਿਹਾ ਕਿ ਬੀਜੇਪੀ ਪਹਿਲਾਂ ਵੋਟਾਂ ਦੀ ਚੋਰੀ ਕਰਦੀ ਰਹੀ ਹੈ ਅਤੇ ਹੁਣ ਕੂੜੇ ਦੀ ਚੋਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਦੇ ਸੈਕਟਰ 22 ਦੀ ਫੇਰੀ ਤੋਂ ਪਹਿਲਾਂ ਵੀ ਇਥੇ ਕੂੜਾ ਸੁੱਟ ਕੇ ਬਾਅਦ ਵਿਚ ਸਾਫ਼ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਡੱਡੂਮਾਜਰਾ ਡੰਪਿੰਗ ਗਰਾਊਂਡ ਵਿਚ ਕੂੜਾ ਪ੍ਰੋਸੈਸ ਕਰਨ ਵਾਲੀ ਕੰਪਨੀ ਨੂੰ ਕਰੋੜਾਂ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ, ਪਰ ਕੂੜਾ ਚੋਰੀ ਕਰਕੇ ਪੰਜਾਬ ਵਿਚ ਸੁੱਟਿਆ ਜਾ ਰਿਹਾ ਹੈ। ਇਹ ਟੈਕਸ ਦੇਣ ਵਾਲੇ ਲੋਕਾਂ ਨਾਲ ਸਿੱਧਾ-ਸਿੱਧਾ ਧੋਖਾ ਹੈ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਚੰਡੀਗੜ੍ਹ ਵਿਚ ਵੀ ਐੱਫਆਈਆਰ ਦਰਜ ਕਰਕੇ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਵੇ।