ਮਹਿਲਾ ਸਿੱਖਿਆ ਸ਼ਾਸਤਰੀਆਂ ਨੂੰ ਕੀਤਾ ਸਨਮਾਨਿਤ
ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਿੱਖਿਆ ਸ਼ਾਸਤਰੀਆਂ ਦਾ ਕੀਤਾ ਸਨਮਾਨ
Publish Date: Mon, 16 Mar 2026 08:43 PM (IST)
Updated Date: Mon, 16 Mar 2026 08:46 PM (IST)
- ਸਿੱਖਿਆ ਦੇ ਖੇਤਰ ’ਚ ਪਾਇਆ ਵਡਮੁੱਲਾ ਯੋਗਦਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਮੋਹਾਲੀ ਵੱਲੋਂ ਮਹਿਲਾ ਸਿੱਖਿਆ ਸ਼ਾਸਤਰੀਆਂ ਨੂੰ ਸਮਰਪਿਤ ਆਪਣੇ ਸਾਲਾਨਾ ਸਮਾਗਮ ‘ਸ਼ੋਡਸ਼ੀ’ ਦਾ ਚੌਥਾ ਸੰਸਕਰਣ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਸੀਨੀਅਰ ਸਿੱਖਿਅਕਾਂ ਅਤੇ ਅਕਾਦਮਿਕ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 100 ਤੋਂ ਵੱਧ ਮਹਿਲਾ ਸਿੱਖਿਆ ਸ਼ਾਸਤਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਡਾ. ਅਨੀਤ ਬੇਦੀ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਵਿਚ ਕਦਰਾਂ-ਕੀਮਤਾਂ, ਗਿਆਨ ਅਤੇ ਲੀਡਰਸ਼ਿਪ ਪੈਦਾ ਕਰਨ ਵਿਚ ਮਹਿਲਾ ਸਿੱਖਿਅਕਾਂ ਦੀ ਅਹਿਮ ਭੂਮਿਕਾ ਬਾਰੇ ਚਰਚਾ ਕੀਤੀ। ਇਸ ਦੌਰਾਨ ਪ੍ਰਿੰਸੀਪਲ ਐਕਸੀਲੈਂਸ ਐਵਾਰਡ ਨਾਲ ਅਕਾਦਮਿਕ ਲੀਡਰਸ਼ਿਪ ਅਤੇ ਸੰਸਥਾਵਾਂ ਦੀ ਪ੍ਰਗਤੀ ਲਈ ਨਾਮਵਰ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਪੈਸ਼ਲ ਅਚੀਵਰ ਅਵਾਰਡ ਰਾਹੀਂ ਨਵੀਨਤਾਕਾਰੀ ਸੋਚ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਨਿਵਾਜਿਆ ਗਿਆ, ਜਦਕਿ ਸਮਾਗਮ ਨੂੰ ਹੋਰ ਦਿਲਚਸਪ ਬਣਾਉਣ ਲਈ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਅਤੇ ਪ੍ਰੇਰਨਾਦਾਇਕ ਗੀਤ ਪੇਸ਼ ਕੀਤੇ ਗਏ।
ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੀ ਪੈਨਲ ਚਰਚਾ ਕਰਾਉਂਦੇ ਹੋਏ ‘ਨਵੀਂ ਸਿੱਖਿਆ ਨੀਤੀ ਅਤੇ ਔਰਤਾਂ ਦੀ ਭੂਮਿਕਾ’ ਵਿਸ਼ੇ ’ਤੇ ਇਕ ਸੰਖੇਪ ਵਿਚਾਰ-ਚਰਚਾ ਕੀਤੀ ਗਈ, ਜਿਸ ਵਿਚ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਗਿਆਨ ਜੋਤੀ ਗਲੋਬਲ ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਹਿਲਾ ਸਿੱਖਿਅਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਘੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।