- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਬੀਵੀਪੀ ਨੇ ਸੈਕਟਰ-25 ਰੈਲੀ ਗਰਾਊਂਡ ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਸੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਸੂਬੇ ’ਚ ਭਰਤੀ ਪ੍ਰੀਖਿਆਵਾਂ ’ਚ ਬੇਨਿਯਮੀਆਂ ਨੌਜਵਾਨਾਂ ਦੇ ਭਵਿੱਖ ਨੂੰ ਲਗਾਤਾਰ ਖਤਰੇ ’ਚ ਪਾ ਰਹੀਆਂ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ’ਚ ਫਾਰਮੇਸੀ ਪ੍ਰੀਖਿਆ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਤੇ ਪੰਜਾਬ ਯੂਥ ਕਾਂਗਰਸ ਨੇ ਵੱਖ-ਵੱਖ ਥਾਵਾਂ ਤੋਂ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਪੁਲਿਸ ਨੇ ਕਾਂਗਰਸ ਤੇ ਭਾਜਪਾ ਦੇ ਯੂਥ ਵਰਕਰਾਂ ਨੂੰ ਵਿਧਾਨ ਸਭਾ ਵੱਲ ਵੱਧਣ ਤੋਂ ਰੋਕਣ ਲਈ ਥਾਂ-ਥਾਂ ਰੋਕਾਂ ਲਾਈਆਂ ਹੋਈਆਂ ਸਨ ਤੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜਦੋਂ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਛੱਡੀਆਂ। ਨੌਜਵਾਨਾਂ ਦੀ ਪੁਲਿਸ ਨਾਲ ਅੱਗੇ ਵੱਧਣ ਲਈ ਝੜਪ ਵੀ ਹੋਈ।
ਏਬੀਵੀਪੀ ਨੇ ਸੈਕਟਰ-25 ਰੈਲੀ ਗਰਾਊਂਡ ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਸੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਸੂਬੇ ’ਚ ਭਰਤੀ ਪ੍ਰੀਖਿਆਵਾਂ ’ਚ ਬੇਨਿਯਮੀਆਂ ਨੌਜਵਾਨਾਂ ਦੇ ਭਵਿੱਖ ਨੂੰ ਲਗਾਤਾਰ ਖਤਰੇ ’ਚ ਪਾ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਸ਼ਾਂਤੀ ਨਾਲ ਆਪਣੀ ਆਵਾਜ਼ ਨਹੀਂ ਉਠਾ ਪਾ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਫਾਰਮੇਸੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ ਸੀ। ਸਰਕਾਰ ਅਨੁਸਾਰ, ਇਹ ਹਾਈ-ਟੈਕ ਧੋਖਾਧੜੀ ਦਾ ਮਾਮਲਾ ਸੀ ਅਤੇ ਦੋਸ਼ੀਆਂ ਨੂੰ ਘਟਨਾ ਦੇ 15 ਮਿੰਟਾਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਸ ਦੌਰਾਨ ਪੰਜਾਬ ਯੂਥ ਕਾਂਗਰਸ ਨੇ ਸੈਕਟਰ 15 ਸਥਿਤ ਕਾਂਗਰਸ ਭਵਨ ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਕੋਸ਼ਿਸ਼ ਵੀ ਕੀਤੀ। ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਕਾਂਗਰਸ ਅਤੇ ਐੱਨਐੱਸਯੂਆਈ ਵਰਕਰਾਂ ਨੇ ਵਿਧਾਨ ਸਭਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਤੋਂ ਬਾਅਦ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀਆਂ ਤੋਪਾਂ ਤੇ ਹਲਕਾ ਲਾਠੀਚਾਰਜ ਕੀਤਾ।
ਦਿਨ ਭਰ ਚੱਲੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਕਾਰਨ, ਵਿਧਾਨ ਸਭਾ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਸੀ। ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਵਿਧਾਨ ਸਭਾ ਕੰਪਲੈਕਸ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਸੀ। ਫਾਰਮੇਸੀ ਪ੍ਰੀਖਿਆ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਹੁਣ ਰਾਜਨੀਤਿਕ ਮੋੜ ਲੈ ਲਿਆ ਹੈ, ਵਿਰੋਧੀ ਧਿਰ ਨੇ ਸਰਕਾਰ 'ਤੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਦਾ ਦੋਸ਼ ਲਗਾਇਆ ਹੈ, ਜਦਕਿ ਸਰਕਾਰ ਲਗਾਤਾਰ ਕਹਿੰਦੀ ਰਹੀ ਹੈ ਕਿ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ ਸੀ ਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਗਈ ਸੀ।
ਇਸੇ ਤਰ੍ਹਾਂ ਸਕੱਤਰੇਤ ਦੇ ਮੁਲਾਜ਼ਮਾਂ ਨੇ ਡੀਏ ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਹਾਜ਼ਰੀ ਲੁਆਈ।