ਜ਼ੀਰਕਪੁਰ ਦਾ ਵਿਕਾਸ 9 ਸਾਲਾਂ ਤੋਂ ਠੱਪ : ਐੱਨਕੇ ਸ਼ਰਮਾ
ਸਭ ਤੋਂ ਵੱਧ ਮਾਲੀਆ ਦੇਣ ਵਾਲੇ ਜ਼ੀਰਕਪੁਰ ਦਾ ਵਿਕਾਸ 9 ਸਾਲਾਂ ਤੋਂ ਠੱਪ : ਐੱਨਕੇ ਸ਼ਰਮਾ
Publish Date: Mon, 23 Mar 2026 07:53 PM (IST)
Updated Date: Mon, 23 Mar 2026 07:55 PM (IST)

- ਪਿੰਡ ਵਾਸੀਆਂ ਨੇ ‘ਪੰਜਾਬ ਬਚਾਓ ਯਾਤਰਾ’ ਨੂੰ ਭਰਵਾਂ ਸਮਰਥਨ ਦੇਣ ਦਾ ਕੀਤਾ ਐਲਾਨ ਟੀਪੀਐੱਸ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਸੋਮਵਾਰ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜ਼ੀਰਕਪੁਰ ਖੇਤਰ ਪੰਜਾਬ ਸਰਕਾਰ ਨੂੰ ਸਭ ਤੋਂ ਵੱਧ ਮਾਲੀਆ ਇਕੱਠਾ ਕਰ ਕੇ ਦਿੰਦਾ ਹੈ, ਪਰ ਇਸ ਦੇ ਬਾਵਜੂਦ ਪਿਛਲੇ 9 ਸਾਲਾਂ ਤੋਂ ਇੱਥੋਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਹ ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ 29 ਮਾਰਚ ਨੂੰ ਡੇਰਾਬੱਸੀ ਪਹੁੰਚ ਰਹੀ ‘ਪੰਜਾਬ ਬਚਾਓ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਪਿੰਡ ਵਾਸੀਆਂ ਨਾਲ ਬੈਠਕ ਕਰ ਰਹੇ ਸਨ। ਅਕਾਲੀ ਦਲ ਦੇ ਰਾਜ ’ਚ ਹੋਇਆ ਅਸਲ ਵਿਕਾਸ : ਬੈਠਕ ਨੂੰ ਸੰਬੋਧਨ ਕਰਦਿਆਂ ਐੱਨਕੇ ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ ਵਿਚ ਜਿੰਨੇ ਵੀ ਵੱਡੇ ਵਿਕਾਸ ਪ੍ਰਾਜੈਕਟ ਨਜ਼ਰ ਆ ਰਹੇ ਹਨ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਲਾਗੂ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਹਲਕੇ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਸਥਿਤੀ ਇਹ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਕੌਂਸਲ ਦੀ ਕੋਈ ਬੈਠਕ ਨਹੀਂ ਹੋਈ ਅਤੇ ਹੁਣ ਚੋਣਾਂ ਨੇੜੇ ਦੇਖ ਕੇ ਕੌਂਸਲਰਾਂ ਨੂੰ ਭਰੋਸੇ ਵਿਚ ਲਏ ਬਿਨਾਂ ਹੀ ਮਤੇ ਪਾਸ ਕੀਤੇ ਜਾ ਰਹੇ ਹਨ। ਪਿੰਡ ਵਾਸੀਆਂ ਨੇ ਦਿੱਤਾ ਸਮਰਥਨ ਦਾ ਭਰੋਸਾ : ਸ਼ਰਮਾ ਨੇ ਅਪੀਲ ਕੀਤੀ ਕਿ ਖੇਤਰ ਵਿਚ ਵਿਕਾਸ ਦੀ ਰਫ਼ਤਾਰ ਨੂੰ ਮੁੜ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਇਕੱਠੇ ਹੋਏ ਪਿੰਡ ਵਾਸੀਆਂ ਨੇ ਹੱਥ ਖੜ੍ਹੇ ਕਰ ਕੇ 29 ਮਾਰਚ ਦੀ ਯਾਤਰਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸਰਪੰਚ ਜਸਪਾਲ ਸਿੰਘ, ਦਾਰਾ ਲੋਹਗੜ੍ਹ, ਰਾਜੂ ਚੀਮਾ, ਮਨਦੀਪ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਸੱਤੀ ਭੁੱਡਾ, ਤਜਿੰਦਰ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ, ਅਮਨ ਨੰਬਰਦਾਰ, ਕਮਲਜੀਤ ਸਿੰਘ, ਸੁੱਖੀ ਭੁੱਡਾ, ਕਰਮ ਸਿੰਘ, ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਵਿਕਰਮ ਸਿੰਘ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।