ਸੂਬੇ ਦੀਆਂ ਮੰਡੀਆਂ ’ਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ : ਹਰਚੰਦ ਬਰਸਟ
ਸੂਬੇ ਦੀਆਂ ਮੰਡੀਆਂ ’ਚੋਂ 123.20 ਲੱਖ ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ : ਹਰਚੰਦ ਬਰਸਟ
Publish Date: Mon, 11 May 2026 05:44 PM (IST)
Updated Date: Mon, 11 May 2026 05:45 PM (IST)

- ਮੰਡੀਆਂ ’ਚ 123.50 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਮੁਹਾਲੀ : ਹਾੜੀ ਸੀਜ਼ਨ 2026-27 ਆਖ਼ਰੀ ਪੜਾਅ ’ਚ ਪਹੁੰਚ ਗਿਆ ਹੈ ਅਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੇ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀਆਂ ਵਿਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਹੁਣ ਤੱਕ 123.20 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਰਚੰਦ ਬਰਸਟ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 123.50 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 121.61 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ਤਹਿਤ ਪਨਗਰੇਨ ਵੱਲੋਂ 39,90,264 ਮੀਟ੍ਰਿਕ ਟਨ, ਐੱਫਸੀਆਈ ਵੱਲੋਂ 2,55,561 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,25,455 ਮੀਟ੍ਰਿਕ ਟਨ, ਪਨਸਪ ਵੱਲੋਂ 28,30,814 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 19,58,799 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਪੱਧਰ ’ਤੇ 1,59,172 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਇਸ ਮੌਕੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿਚੋਂ 97.16 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਲਗਭਗ 29,932 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਸੂਬੇ ਦੀਆਂ ਮੰਡੀਆਂ ਵਿਚ 29,394 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 33,605 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ, ਜਦਕਿ 3.07 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਹਾੜੀ ਸੀਜ਼ਨ 2026-27 ਦੌਰਾਨ 2585 ਰੁਪਏ ਤੋਂ ਲੈ ਕੇ 2660 ਰੁਪਏ ਪ੍ਰਤੀ ਕੁਇੰਟਲ ਤੱਕ ਕਣਕ ਦੀ ਖ਼ਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਸ. ਬਰਸਟ ਨੇ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕੀਟ ਕਮੇਟੀਆਂ, ਵੱਖ-ਵੱਖ ਏਜੰਸੀਆਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿਚ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਚ ਅਹਿਮ ਯੋਗਦਾਨ ਪਾਇਆ।