ਮੁਹਾਲੀ ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼ਹਿਰ ’ਚ ਸਰਗਰਮੀਆਂ ਤੇਜ਼
ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼ਹਿਰ ’ਚ ਸਰਗਰਮੀਆਂ ਤੇਜ਼
Publish Date: Mon, 11 May 2026 09:09 PM (IST)
Updated Date: Mon, 11 May 2026 09:12 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਦਾ ਰਸਮੀ ਐਲਾਨ ਹੁੰਦਿਆਂ ਹੀ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਸੰਭਾਵੀ ਉਮੀਦਵਾਰ ਪਹਿਲਾਂ ਤੋਂ ਹੀ ਵੋਟਰਾਂ ਨਾਲ ਸੰਪਰਕ ਕਰਨ ਲਈ ਨੁੱਕੜ ਮੀਟਿੰਗਾਂ ਕਰਦੇ ਆ ਰਹੇ ਹਨ ਪਰ ਹੁਣ ਰਸਮੀ ਤੌਰ ’ਤੇ ਚੋਣ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਸੋਮਵਾਰ ਨੂੰ ਬਾਅਦ ਦੁਪਹਿਰ ਜਿਵੇਂ ਹੀ ਚੋਣਾਂ ਦਾ ਐਲਾਨ ਹੋਇਆ ਤਾਂ ਵੱਖ-ਵੱਖ ਰਾਜਤੀਨਿਕ ਪਾਰਟੀਆਂ ਵੀ ਹਰਕਤ ਵਿਚ ਆ ਗਈਆਂ ਹਨ। ਜਾਣਕਾਰੀ ਅਨੁਸਾਰ ਮੁਹਾਲੀ ਵਿਚ 26 ਮਈ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਬੁੱਧਵਾਰ 13 ਮਈ ਤੋਂ 16 ਮਈ ਤੱਕ ਨਿਗਮ ਚੋਣਾਂ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, 18 ਮਈ ਨੂੰ ਦਸਤਾਵੇਜ਼ਾਂ ਦੀ ਜਾਂਚ ਪੜਤਾਲ ਹੋਵੇਗੀ। ਇਸ ਸਬੰਧੀ ਇਤਰਾਜ ਸਿਰਫ਼ ਸਬੰਧਿਤ ਰਿਟਰਨਿੰਗ ਅਧਿਕਾਰੀ ਹੀ ਸੁਣ ਸਕੇਗਾ। 19 ਮਈ ਨੂੰ ਬਾਅਦ ਦੁਪਹਿਰ ਤਿੰਨ ਵਜੇ ਤੱਕ ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਨਿਰਧਾਰਤ ਕੀਤੀ ਗਈ ਹੈ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਚਾਰ ਲੱਖ ਰੁਪਏ ਤੱਕ ਖਰਚਾ ਕਰ ਸਕੇਗਾ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਵੀਡੀਓਗ੍ਰਾਫੀ ਕੀਤੀ ਜਾਵੇਗੀ। ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਮੀਦਵਾਰ ਖ਼ੁਦ ਜਾਂ ਉਸਦੇ ਚਾਰ ਪ੍ਰਪੋਜਰ ਹੀ ਜਾ ਸਕਣਗੇ। ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੇਗੀ ਅਤੇ ਇਨ੍ਹਾਂ ਚੋਣਾਂ ਬਾਬਤ ‘ਆਪ’ ਪੂਰੀ ਤਰ੍ਹਾਂ ਤਿਆਰ ਹੈ ਅਤੇ ਸ਼ਹਿਰ ਦੇ ਪੁਰਾਣੇ ਅਤੇ ਨਵੇਂ ਇਲਾਕਿਆਂ ਵਿਚ ਉਮੀਦਵਾਰ ਖੜ੍ਹਾਉਣ ਲਈ ਲਗਭਗ ਸਾਰੀਆਂ ਤਿਆਰੀਆਂ ਅਤੇ ਇੰਤਜ਼ਾਮ ਪੂਰੇ ਹਨ ਅਤੇ ਨਿਗਮ ਚੋਣਾਂ ਲਈ ‘ਆਪ’ ਵਲੰਟੀਅਰ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਲੋਕ ਆਪ ਮੁਹਾਰੇ ਚੋਣ ਲੜਨ ਲਈ ਅੱਗੇ ਆ ਰਹੇ ਹਨ, ਜਦੋਂਕਿ ਵਿਰੋਧੀ ਪਾਰਟੀਆਂ ਨੂੰ ਉਮੀਦਵਾਰ ਵੀ ਨਹੀਂ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੋਚ ਸਮਝ ਕੇ ਅਜਿਹੀ ਟੀਮ ਨੂੰ ਚੁਣਨ ਜੋ ਕਿਸੇ ਪੱਖਪਾਤ ਤੋਂ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦੇਵੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਤੋਂ 4 ਤੋਂ 5 ਵਿਅਕਤੀਆਂ ਦੇ ਚੋਣ ਲੜਨ ਲਈ ਅਰਜ਼ੀਆਂ ਆਈਆਂ ਹਨ। ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਕੇ ਉਮੀਦਵਾਰਾਂ ਬਾਰੇ ਅੰਤਿਮ ਨਿਰਣੇ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਫ਼ਰਾ ਤਫ਼ੜੀ ਵਿਚ ਚੋਣਾਂ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਸਕੇ। ਵਾਰਡਬੰਦੀ ਵੀ ਗ਼ਲਤ ਤਰੀਕੇ ਨਾਲ ਕੀਤੀ ਗਈ ਹੈ ਅਤੇ ਲੋਕਾਂ ਦੇ ਇਤਰਾਜ਼ ਵੀ ਨਹੀਂ ਸੁਣੇ ਗਏ ਹਨ, ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਚੰਗੇ ਨਤੀਜੇ ਸਾਹਮਣੇ ਆਉਣਗੇ। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਕਾਂਗਰਸੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਮੁਹਾਲੀ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਵਿਚ ਸਰਕਾਰ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ। ਮੁਹਾਲੀ ਸਮੇਤ ਸੂਬੇ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਕਾਂਗਰਸ ਆਪਣਾ ਮੇਅਰ ਬਣਾਏਗੀ।