ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
Publish Date: Sat, 10 Jan 2026 06:17 PM (IST)
Updated Date: Sat, 10 Jan 2026 06:18 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਵੱਧ ਰਹੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਸਫ਼ਰ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਚੱਲ ਰਹੇ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਟੈਂਪੂ ਅਪਰੇਟਰ ਯੂਨੀਅਨ ਮੁਬਾਰਕਪੁਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਮੁਬਾਰਕਪੁਰ ਹਰਕੇਸ਼ ਸਿੰਘ ਨੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਡਰਾਈਵਰਾਂ ਨੂੰ ਸੀਟ ਬੈਲਟ ਲਗਾਉਣ, ਨਿਰਧਾਰਤ ਰਫ਼ਤਾਰ ਵਿਚ ਵਾਹਨ ਚਲਾਉਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਰਦੀਆਂ ਦੇ ਮੌਸਮ ਅਤੇ ਧੁੰਦ ਨੂੰ ਮੁੱਖ ਰੱਖਦਿਆਂ ਵਾਹਨਾਂ ਤੇ ਰਿਫਲੈਕਟਰ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ ਤਾਂ ਜੋ ਰਾਤ ਵੇਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਅਧਿਕਾਰੀਆਂ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣਾ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਬਲਕਿ ਇਹ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਜੋਖ਼ਮ ਵਿਚ ਪਾਉਣਾ ਹੈ। ਟ੍ਰੈਫਿਕ ਇੰਚਾਰਜ ਹਰਕੇਸ਼ ਸਿੰਘ ਨੇ ਦੱਸਿਆ ਕਿ ਸੜਕ ਸੁਰੱਖਿਆ ਸਿਰਫ਼ ਇਕ ਨਿਯਮ ਨਹੀਂ, ਸਗੋਂ ਸਾਡੀ ਜ਼ਿੰਦਗੀ ਦੀ ਸੁਰੱਖਿਆ ਦੀ ਗਾਰੰਟੀ ਹੈ। ਜੇਕਰ ਡਰਾਈਵਰ ਜਾਗਰੂਕ ਹੋਣਗੇ, ਤਾਂ ਸੜਕੀ ਹਾਦਸਿਆਂ ਵਿਚ ਵੱਡੀ ਕਮੀ ਆ ਸਕਦੀ ਹੈ। ਇਸ ਮੌਕੇ ਟੈਂਪੂ ਅਪਰੇਟਰ ਯੂਨੀਅਨ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਮੂਹ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨਗੇ ਅਤੇ ਸੜਕੀ ਅਨੁਸ਼ਾਸਨ ਬਣਾਈ ਰੱਖਣ ਵਿਚ ਆਪਣਾ ਪੂਰਾ ਯੋਗਦਾਨ ਪਾਉਣਗੇ। ਕੈਂਪ ਦੇ ਅਖ਼ੀਰ ਵਿਚ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਨਾਲ ਸਬੰਧਤ ਪੈਂਫਲੈਟ ਵੀ ਵੰਡੇ ਗਏ। ਇਸ ਮੌਕੇ ਟ੍ਰੈਫਿਕ ਹੌਲਦਾਰ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਟੈਂਪੂ ਚਾਲਕ ਅਤੇ ਸਥਾਨਕ ਪਤਵੰਤੇ ਸੱਜਣ ਹਾਜ਼ਰ ਸਨ।