ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਮੋਬਾਈਲ ਫੋਨ ਦੀ ਵਰਤੋਂ ’ਤੇ ਪਾਬੰਦੀ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚ ਨਗਰ ਨਿਗਮ ਤੇ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਮੰਗਲਵਾਰ ਨੂੰ ਹੋ ਰਹੀਆਂ ਚੋਣਾਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਦੇ ਮੰਤਵ ਨਾਲ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
Publish Date: Mon, 25 May 2026 10:50 PM (IST)
Updated Date: Tue, 26 May 2026 12:00 AM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚ ਨਗਰ ਨਿਗਮ ਤੇ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਮੰਗਲਵਾਰ ਨੂੰ ਹੋ ਰਹੀਆਂ ਚੋਣਾਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਦੇ ਮੰਤਵ ਨਾਲ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਤਾਜ਼ਾ ਹੁਕਮਾਂ ਤਹਿਤ ਸਾਰੇ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਮੋਬਾਈਲ ਫੋਨ, ਕੋਰਡਲੈੱਸ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਅਤੇ ਪੋਸਟਰ/ਬੈਨਰ ਦੀ ਵਰਤੋਂ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਰ ਸ਼ਾਮ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਐੱਸਓਪੀਜ਼ ਤਹਿਤ ਚੋਣਾਂ ਵਾਲੇ ਦਿਨ ਅਤੇ ਗਿਣਤੀ ਵਾਲੇ ਦਿਨ ਪੋਲਿੰਗ ਬੂਥਾਂ/ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਪ੍ਰਚਾਰ ਨਾਲ ਸਬੰਧਤ ਕੋਈ ਪੋਸਟਰ ਬੈਨਰ ਨਹੀਂ ਲਾਇਆ ਜਾਵੇਗਾ। ਇਸੇ ਤਰ੍ਹਾਂ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਉਮੀਦਵਾਰ ਦਾ ਪੋਲਿੰਗ ਬੂਥ/ਟੈਂਟ ਲੱਗਣ ’ਤੇ ਪੂਰਨ ਮਨਾਹੀ ਹੋਵੇਗੀ। ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਜਾਂ ਹਲਕੇ ਦਾ ਰਿਟਰਨਿੰਗ ਅਫ਼ਸਰ ਨੂੰ ਛੱਡਕੇ ਕੋਈ ਵੀ ਰਾਜਨੀਤਿਕ ਪਾਰਟੀ ਦਾ ਨੁਮਾਇੰਦਾ ਮਤਦਾਨ ਬੂਥ ਦੇ 200 ਮੀਟਰ ਦੇ ਘੇਰੇ ਵਿਚ ਗੱਡੀ ਨਹੀਂ ਲਿਜਾ ਸਕੇਗਾ। ਚੋਣ ਬੂਥ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਜਿਸ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ ਅਤੇ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿਚ ਵਿਘਨ ਪੈਦਾ ਹੋ ਸਕਦੀ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਹੋ ਸਕਦਾ ਹੈ ਜਾਂ ਫਿਰ ਪ੍ਰਾਈਵੇਟ ਅਤੇ ਸਰਕਾਰੀ ਜਾਇਦਾਦ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ, ਦੀ ਮਨਾਹੀ ਹੋਵੇਗੀ।